ਬਿਜਲੀ ਕਾਮਿਆਂ ਵੱਲੋਂ ਤਿੰਨ ਰੋਜ਼ਾ ਸਮੂਹਕ ਛੁੱਟੀ ਭਰ ਕੇ ਸੂਬਾ ਪੱਧਰ ਤੇ ਕੀਤੇ ਰੋਸ ਪ੍ਰਦਰਸ਼ਨ 

ਪੰਜਾਬ

ਖਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਦੀ ਮੰਗ  

ਦਲਜੀਤ ਕੌਰ 

ਪਟਿਆਲਾ, 10 ਸਤੰਬਰ, 2024: ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋ ਬਿਜਲੀ ਕਾਮਿਆਂ ਦੀਆਂ ਵਾਜ਼ਿਬ ਮੰਗਾਂ ਵੱਟੇ ਖਾਤੇ ਪਾ ਕੇ ਲਗਾਤਾਰ ਕੀਤੇ ਜਾ ਰਹੇ ਟਾਲ ਮਟੋਲ ਵਾਲੇ ਵਤੀਰੇ ਖਿਲਾਫ਼ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੂਬਾ ਪੱਧਰੀ ਸੱਦੇ ਤੇ ਸੂਬੇ ਭਰ ਵਿੱਚ ਬਿਜਲੀ ਕਾਮਿਆਂ ਵੱਲੋਂ ਅੱਜ 10 ਸਤੰਬਰ ਤੋਂ 12 ਸਤੰਬਰ ਤੱਕ ਸਮੂਹਕ ਛੁੱਟੀ ਲੈ ਕੇ ਡਵੀਜ਼ਨ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ। 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦੇਦਿਆਂ ਸਾਂਝਾ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੇ ਸੂਬਾਈ ਆਗੂਆਂ ਰਤਨ ਸਿੰਘ ਮਜਾਰੀ ,  ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 6 ਸਤੰਬਰ 2024 ਨੂੰ ਮਾਣਯੋਗ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਪਾਵਰ ਸਕੱਤਰ ਦੀ ਮੌਜੂਦਗੀ ਵਿੱਚ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ  ਚੰਡੀਗੜ੍ਹ ਵਿਖੇ 31 ਜੁਲਾਈ ਨੂੰ ਹੋਈ  ਮੀਟਿੰਗ ਦੀ ਲਗਾਤਾਰਤਾ ਵਿੱਚ ਬਿਜਲੀ ਮੁਲਾਜ਼ਮਾਂ ਦੇ ਮਸਲਿਆਂ ਤੇ ਮੁੜ ਮੀਟਿੰਗ ਹੋਈ ਹੈ ਜੋ ਬੇਸਿੱਟਾ ਰਹੀ ਹੈ ਕਿਉਂਕਿ 31 ਜੁਲਾਈ ਦੀ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਤੇ ਹੋਈਆਂ ਸਹਿਮਤੀਆਂ ਅਨੁਸਾਰ ਡਿਊਟੀ ਦੌਰਾਨ ਘਾਤਕ ਹਾਦਸੇ ਦਾ ਸ਼ਿਕਾਰ ਹੋਏ ਬਿਜਲੀ ਕਾਮਿਆਂ ਦੇ ਪੀੜਤ ਪਰਿਵਾਰਾਂ ਨੂੰ ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਦੇਣ ਸਮੇਤ ਕਾਮੇ ਨੂੰ ਸ਼ਹੀਦ ਦਾ ਦਰਜਾ ਦੇਣ, ਹਾਦਸੇ ਦਾ ਸ਼ਿਕਾਰ ਹੋਏ ਕਾਮੇ ਨੂੰ ਕੈਸ਼ ਲੈਸ ਇਲਾਜ ਦੀ ਸੁਵਿਧਾ ਲਾਗੂ ਕਰਨ, ਹਾਦਸੇ ਦੌਰਾਨ ਕਰਮਚਾਰੀ ਦੀ ਮੌਤ ਹੋ ਜਾਣ  ਦੀ ਸੂਰਤ ਵਿੱਚ ਸਬੰਧਤ ਕਰਮਚਾਰੀ (ਜੇ ਈ, ਲ. ਮ, ਸ. ਲ. ਮ  ਆਦਿ ) ਦੇ ਨਾਂ ਉਪਰ ਬਿੰਨਾਂ ਪੜਤਾਲ ਕੀਤੇ ਐੱਫ ਆਈ ਆਰ ਦਰਜ਼ ਕਰਨ ਦੀ ਪਿਰਤ ਬੰਦ ਕਰਨ,  ਹਜਾਰਾਂ ਦੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ, ਆਰ ਟੀ ਐਮ ਦੀ ਤਰੱਕੀ ਤੁਰੰਤ ਕਰਨ, ਓ ਸੀ ਕੈਟਾਗਰੀ ਨੂੰ ਪੇ ਬੈਂਡ ਦੇਣ , ਸਲਮ ਤੋਂ ਲ ਮ ਦੀ ਤਰੱਕੀ ਕਰਨ, ਬਾਕੀ ਸਾਰੀਆਂ ਕੈਟੇਗਰੀਆਂ ਦੀ ਤਰੱਕੀਆਂ ਵਿੱਚ ਆਈ ਖੜੋਤ ਦੂਰ ਕਰਨ, ਇਨ ਹਾਊਸ ਕਾਂਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨ, ਸੋਧੇ ਭੱਤਿਆਂ ਦਾ 32 ਮਹੀਨੇ ਦਾ ਬਕਾਇਆ ਜਾਰੀ ਕਰਨ, ਰਹਿੰਦੇ ਭੱਤੇ ਜਿਵੇਂ ਹਾਰਡਸ਼ਿਪ ਭੱਤਾ ਆਦਿ ਨੂੰ ਸੋਧ ਕੇ ਲਾਗੂ ਕਰਨ, ਪੁਨਰ ਗਠਨ ਦੇ ਨਾਮ ਤੇ ਖਤਮ ਕੀਤੀਆਂ ਅਸਾਮੀਆਂ ਨੂੰ ਮੁੜ ਤੋਂ ਬਹਾਲ ਕਰਨ, 295/19 ਵਾਲੇ ਕਾਮਿਆਂ ਨੂੰ ਪੂਰੀ ਤਨਖਾਹ ਜਾਰੀ ਕਰਨ, 17 ਜੁਲਾਈ 2020 ਤੋਂ ਪਹਿਲਾਂ ਤਰਸ ਦੇ ਆਧਾਰ ਤੇ ਪ੍ਰਤੀ ਬੇਨਤੀ ਦੇਣ ਵਾਲੇ ਕਰਮਚਾਰੀਆਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ ਅਤੇ ਵਿੱਤ ਵਿਭਾਗ ਪੰਜਾਬ ਸਰਕਾਰ ਨਾਲ ਸਬੰਧਤ ਮਸਲੇ ਜਿਵੇਂ 23 ਸਾਲਾ ਅਡਵਾਂਸ ਤਰੱਕੀ ਦਾ ਮਿਲਾਨ ਤੀਸਰੀ ਤਰੱਕੀ ਸਮੇਂ ਕਰਨ, 01ਨਵੰਬਰ 2021 ਤੋਂ ਬਾਅਦ ਸਮਾਂਬੱਧ ਸਕੇਲ ਲਾਗੂ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਕਰਮਚਾਰੀਆਂ ਉੱਪਰ ਕੇਂਦਰੀ ਤਨਖਾਹ ਸਕੇਲਾਂ ਦੀ ਥਾਂ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ, ਸੋਧੇ ਸਕੇਲਾਂ ਦੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਤਰੱਕੀ ਵਾਲੇ ਕਰਮਚਾਰੀਆਂ ਦੀ ਤਨਖਾਹ ਵਿੱਚ ਆਈਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਲਈ 15 ਅਗਸਤ ਤੱਕ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਮੰਨੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਪਾਵਰ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਮੰਗਾਂ ਮੰਨਣ ਤੋਂ ਮੁਨਕਰ ਹੋ ਗਏ ਹਨ, ਮੰਗਾਂ ਲਾਗੂ ਕਰਨ ਦੀ ਥਾਂ ਤੇ ਵਰਕ ਟੂ ਰੂਲ ਅਨੁਸਾਰ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਐਸਮਾਂ ਵਰਗੇ ਕਾਲੇ ਕਾਨੂੰਨਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ਅਤੇ ਮੈਨੇਜਮੈਂਟ/ਪੰਜਾਬ ਸਰਕਾਰ ਪ੍ਰਤੀ ਬੇ ਵਿਸ਼ਵਾਸੀ ਦਾ ਮਾਹੌਲ ਹੈ। ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਖਿਲਾਫ਼ ਬਿਜਲੀ ਕਾਮੇ 21 ਅਗਸਤ ਤੋਂ  30 ਸਤੰਬਰ ਤੱਕ ਵਰਕ ਟੂ ਰੂਲ ਤਹਿਤ  8 ਘੰਟੇ ਦੀ ਡਿਊਟੀ  ਕਰ ਰਹੇ ਹਨ। ਆਗੂਆਂ ਨੇ  ਕਿਹਾ ਕਿ 10 ਸਤੰਬਰ ਤੋਂ 12 ਸਤੰਬਰ ਤੱਕ ਤਿੰਨ ਦਿਨ ਦੀ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਕ ਛੁੱਟੀ ਲੈ ਕੇ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਫੀਲਡ ਦੌਰਿਆਂ ਦੌਰਾਨ ਬਿਜਲੀ ਮੰਤਰੀ ਸਮੇਤ ਪਾਵਰਕਾਮ ਦੇ ਸੀ ਐੱਮ ਡੀ ਸਮੇਤ ਮੈਨੇਜਮੈਂਟ ਦੇ ਡਾਇਰੈਕਟਰਾਂ ਖਿਲਾਫ਼ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ।

ਜਥੇਬੰਦੀਆਂ ਦੇ ਸੂਬਾਈ ਆਗੂਆਂ ਬਲਦੇਵ ਸਿੰਘ ਮੰਢਾਲੀ, ਸਰਬਜੀਤ ਸਿੰਘ ਭਾਣਾ, ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸੌਰ , ਸੁਰਿੰਦਰ ਪਾਲ ਲਾਹੌਰੀਆ,  ਪੂਰਨ ਸਿੰਘ ਖਾਈ,  ਜਗਜੀਤ ਸਿੰਘ ਕੋਟਲੀ, ਕੌਰ ਸਿੰਘ ਸੋਹੀ, ਜਗਜੀਤ ਸਿੰਘ ਕੰਡਾ, ਗੁਰਪਿਆਰ ਸਿੰਘ, ਗੁਰਤੇਜ ਸਿੰਘ ਪੱਖੋ, ਗੁਰਵਿੰਦਰ ਸਿੰਘ ਹਜਾਰਾ, ਰਘਵੀਰ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ, ਹਰਮਨਦੀਪ, ਸੁਖਵਿੰਦਰ ਸਿੰਘ ਦੁੱਮਣਾ, ਗਰੀਸ਼ ਮਹਾਜਨ, ਰਛਪਾਲ ਸਿੰਘ ਪਾਲੀ, ਸੁਖਵਿੰਦਰ ਸਿੰਘ ਚਾਹਲ, ਰਵੇਲ ਸਿੰਘ ਸਹਾਏਪੁਰ, ਬਲਜੀਤ ਸਿੰਘ ਮੋਦਲਾ, ਅਵਤਾਰ ਸਿੰਘ ਸ਼ੇਰਗਿੱਲ, ਬਲਜੀਤ ਸਿੰਘ ਬਰਾੜ, ਮਹਿੰਦਰ ਸਿੰਘ ਰੂੜੇਕੇ ਆਦਿ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ/ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਲਦੀ ਲਾਗੂ ਨਾਂ ਕੀਤੀਆਂ ਗਈਆਂ ਤਾਂ ਇਸ ਸੰਘਰਸ਼ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ।

Leave a Reply

Your email address will not be published. Required fields are marked *