ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ‘ਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਜਵਾਬੀ ਪਲਟਵਾਰ ਕੀਤਾ ਹੈ। ਉਨ੍ਹਾਂ ਬਿੱਟੂ ਨੂੰ ਅਹਿਸਾਨ-ਫਰਾਮੋਸ਼ ਦੱਸਿਆ ਹੈ। ਨਾਲ ਹੀ ਕੇਂਦਰ ਸਰਕਾਰ ਨੂੰ ਉਸ ਦੇ ਦਿਮਾਗ ਦਾ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।
ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ਨਾਲ ਬਿੱਟੂ ਦਾ ਕੱਦ ਵਧਦਾ ਹੈ ਤਾਂ ਉਨ੍ਹਾਂ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ। ਇਸ ਦੇ ਨਾਲ ਹੀ ਬਿੱਟੂ ਦਾ ਕਹਿਣਾ ਹੈ ਕਿ ਉਹ ਆਪਣੇ ਬਿਆਨ ‘ਤੇ ਕਾਇਮ ਹਨ। ਇਹ ਗੱਲ ਉਹ ਉਨ੍ਹਾਂ ਨੂੰ ਸੰਸਦ ਦੇ ਅੰਦਰ ਵੀ ਕਹਿ ਸਕਦੇ ਹਨ। ਰਾਹੁਲ ਗਾਂਧੀ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ।
ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਿੱਟੂ ਨੇ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਹੈ, ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ। ਰਾਹੁਲ ਗਾਂਧੀ ਖੁਦ ਉਸ ਨੂੰ ਤਿੰਨ ਵਾਰ ਸੰਸਦ ਮੈਂਬਰ ਬਣਾ ਚੁੱਕੇ ਹਨ।