ਪੰਚਾਇਤੀ ਚੋਣਾਂ 2024:ਬਿਨਾਂ ਇਜਾਜਤ ਸਟੇਸ਼ਨ ਛੱਡਣ ’ਤੇ ਹੋਵੇਗੀ ਕਾਰਵਾਈ

ਚੋਣਾਂ

– ਚੋਣਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ, ਦੇਸ਼ ਕਲਿੱਕ ਬਿਓਰੋ

                 ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਬਿਨਾਂ ਕਿਸੇ ਡਰ, ਭੈਅ, ਦਬਾਅ ਅਤੇ ਲੜਾਈ ਝਗੜੇ ਤੋਂ ਸੁੱਚਜੇ ਢੰਗ ਨਾਲ ਨੇਪੜੇ ਚੜਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਬਿਨਾਂ ਇਜਾਜਤ ਸਟੇਸ਼ਨ ਛਡੱਣ ’ਤੇ ਸਖ਼ਤ ਕਾਰਵਾਈ ਆਰੰਭਣ ਦੇ ਹੁਕਮ ਜਾਰੀ ਕੀਤੇ।

                          ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਚੌਣਾਂ ਵਿੱਚ ਜਿਨਾਂ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਜਾਣੀਆਂ ਹਨ, ਉਨਾਂ ਕਰਮਚਾਰੀਆਂ ਦੀ ਲਿਸਟ ਹਰ ਹੀਲੇ ਜਮਾਂ ਕਰਵਾਈਆਂ ਜਾਣ।

                           ਪੁਲਿਸ ਅਤੇ ਸਿਵਿਲ ਪ੍ਰਸਾਸ਼ਨ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਵਿਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਤਾਲਮੇਲ ਦੀ ਸਮੀਖਿਆ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਲਈ ਵੱਟਸਅਪ ਗਰੁੱਪ ਅਤੇ ਮੋਬਾਈਲ ਰਾਹੀਂ ਆਪਸ ਵਿੱਚ ਸੰਪਰਕ ਸਾਧ ਲਿਆ ਜਾਵੇ।  

                       ਉਹਨਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਪੰਚਾਇਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲਈਆਂ ਜਾਣ।

                          ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 269 ਪਿੰਡਾਂ ਵਿੱਚ ਚੋਣਾਂ ਕਰਵਾਉਣ ਲਈ 629 ਪੋਲਿੰਗ ਸਟੇਸ਼ਨ ਬਣਾਏ ਜਾਣੇ ਹਨ। ਸਰਪੰਚਾਂ ਦੀਆਂ ਕੁੱਲ ਆਸਾਮੀਆਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ 63 ਐਸ.ਸੀ. ਸਰਪੰਚ ਚੁਣੇ ਜਾਣੇ ਹਨ ਅਤੇ ਇਸੇ ਤਰ੍ਹਾਂ 60 ਐਸ.ਸੀ. (ਇਸਤਰੀਆਂ), 73 ਇਸਤਰੀਆਂ (ਜਨਰਲ) ਅਤੇ 73 ਜਨਰਲ ਪੁਰਸ਼ ਕੁੱਲ 269 ਸਰਪੰਚ ਚੁਣੇ ਜਾਣੇ ਹਨ।

                        ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ 4 ਅਕਤੂਬਰ 2024 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਛੁੱਟੀ ਵਾਲੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਨਹੀਂ ਭਰਿਆ ਜਾਵੇਗਾ। ਇਸ ਤੋਂ ਇਲਾਵਾ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ 5 ਅਕਤੂਬਰ ਨੂੰ ਪੜਤਾਲ  ਅਤੇ ਚੋਣ ਨਿਸ਼ਾਨਾਂ ਦੀ ਵੰਡ ਹੋਵੇਗੀ। 7 ਅਕਤੂਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਸਵੇਰੇ 8:00 ਵਜੇ ਤੋਂ ਬਾਅਦ ਦੁਪਹਿਰ 04:00 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ।

                   ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *