ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਪੰਜਾਬ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ

ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ  ਜ਼ੋਰ ਸੋ਼ਰ ਨਾਲ ਚਲ ਰਿਹਾ ਹੈ।

ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ    ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖਰੀਦ ਨੂੰ ਸਿੱਧੇ/ ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62065  ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 59354 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿੱਚ ਤੈਅ ਸਮੇਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ ਅਤੇ ਉਨ੍ਹਾਂ ਵਲੋਂ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਦੇ ਮੰਡੀਆਂ ਦੇ ਖ਼ਰੀਦ ਅਤੇ ਚੁਕਾਈ ਕਾਰਜਾਂ ਦਾ ਨਿਰੰਤਰ ਮੁਲਾਂਕਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਦੇ ਕਿਸਾਨਾਂ ਨੂੰ  ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।

 ਸ.ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ  ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਫਸਲਾਂ ਨੂੰ ਗੋਦਾਮਾਂ ਤੋਂ ਨਾ ਚੁੱਕਣ ਕਾਰਨ  ਭੰਡਾਰਨ ਦੀ ਸਮਰੱਥਾ ਘਟ ਗਈ ਸੀ ਜਿਸ ਕਾਰਨ ਝੋਨੇ ਦੀ ਖਰੀਦ ਅਤੇ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋਏ।

ਸ.ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਸੂਬੇ ਦੇ ਗੋਦਾਮਾਂ ਵਿੱਚ ਪਈਆਂ ਫ਼ਸਲਾਂ ਨੂੰ ਦੂਜੇ ਰਾਜਾਂ ਵਿਚ ਤਬਦੀਲ ਕਰਨ ਲਈ ਕਈ ਵਾਰ ਬੇਨਤੀਆਂ ਕੀਤੀਆਂ ਤਾਂ ਜੋ ਅਗਲੀ ਫ਼ਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਨ੍ਹਾਂ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆਂ ਕੀਤਾ ਗਿਆ ।

ਉਨ੍ਹਾਂ  ਸੂਬੇ ਦੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਕੇਂਦਰ ਸਰਕਾਰ ਵੱਲੋਂ ਖੜ੍ਹੀ ਕੀਤੀ ਗਈ ਇਸ ਚੁਣੌਤੀ ਦਾ ਟਾਕਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦਾ ਸਹਿਯੋਗ ਕਰਨ।

ਉਨ੍ਹਾਂ ਕਿਹਾ  ਕਿ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕਈ ਵਾਰ ਸੈਲਰਾਂ ਵਿਚੋਂ ਚਾਵਲ ਦੀ ਚੁਕਾਈ ਲਈ ਬੇਨਤੀਆਂ ਕੀਤੀਆਂ ਗਈਆਂ ਪ੍ਰੰਤੂ ਕੇਂਦਰ ਸਰਕਾਰ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।