ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਹਾਰਾਜਾ ਰਣਜੀਤ ਸਿੰਘ ਸਮੇਤ ਅਨੇਕਾਂ ਪ੍ਰਮੁੱਖ ਸਿੱਖ ਸਖਸ਼ੀਅਤਾਂ ਨੂੰ ਸੁਣਾਈ ਜਾ ਚੁੱਕੀ ਹੈ ਸਜ਼ਾ

ਪੰਜਾਬ

ਅੰਮ੍ਰਿਤਸਰ, 3 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵ ਉਚ ਸੰਸਥਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮ ਹਰ ਸਿੱਖ ਪ੍ਰਵਾਨ ਕਰਦਾ ਹੈ।ਗਲਤੀ ਕਰਨ ਵਾਲਾ ਸਿੱਖ ਭਾਵੇਂ ਕਿਸੇ ਵੀ ਉਚ ਅਹੁਦੇ ਉਤੇ ਹੋਵੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਸ ਨੂੰ ਸਜ਼ਾ ਸੁਣਾਈ ਜਾਂਦੀ ਹੈ। ਬੀਤੇ ਕੱਲ੍ਹ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਈ ਗਈ ਹੈ।
ਪੁਰਾਣੇ ਵੇਲਿਆਂ ਤੋਂ ਅਜਿਹਾ ਚਲਦਾ ਆ ਰਿਹਾ ਹੈ।ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਸੀ।ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸਿੱਖ ਕੌਮ ਦੇ ਪਹਿਲੇ ਮਹਾਰਾਜੇ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਸਜ਼ਾ ਸੁਣਾਈ ਗਈ ਸੀ। ਮਹਾਰਾਜਾ ਰਣਜੀਤ ਸਿੰਘ ਨੂੰ ਥਮਲੇ ਨਾਲ ਬੰਨ੍ਹ ਕੇ ਕੋੜੇ ਮਾਰਨ ਦੀ ਸਜ਼ਾ ਸੁਣਾਈ ਗਈ ਸੀ। ਮਹਾਰਾਜਾ ਰਣਜੀਤ ਸਿੰਘ ਉਤੇ ਆਪਣੇ ਰਾਜ ਦੌਰਾਨ ਕੰਜਰੀਆ ਨਚਾਉਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਹਨਾਂ ਨੁੰ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਸੀ।
ਬੀਤੇ ਸਮੇਂ ਦੌਰਾਨ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਲਗਾਈ ਜਾ ਚੁੱਕੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਹੋਣ ਵਾਲਿਆਂ ਵਿੱਚ ਸੁਖਬੀਰ ਸਿੰਘ ਬਾਦਲ ਪਹਿਲੇ ਸਿੱਖ ਨਹੀਂ ਹਨ, ਬਲਕਿ ਇਸਤੋਂ ਪਹਿਲਾਂ ਹੋਰ ਵੀ ਕਈ ਵੱਡੇ ਰਾਜਸੀ ਅਤੇ ਧਾਰਮਿਕ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਏ ਕਰਾਰ ਦਿੱਤੇ ਜਾ ਚੁੱਕੇ ਹਨ।ਭਾਈ ਸੁਬੇਗ ਸਿੰਘ, ਜੱਸਾ ਸਿੰਘ ਰਾਮਗੜ੍ਹੀਆ, ਪੰਥ-ਰਤਨ ਮਾਸਟਰ ਤਾਰਾ ਸਿੰਘ, ਸੰਤ ਫਤਹਿ ਸਿੰਘ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਨਿਹੰਗ ਸਿੰਘਾਂ ਦੇਬਮੁਖੀ ਬਾਬਾ ਸੰਤਾ ਸਿੰਘ, ਡਾ: ਪਿਆਰ ਸਿੰਘ ਤੇ ਡਾ. ਪਿਸ਼ੌਰਾ ਸਿੰਘ ਆਦਿ ਵਰਗੇ ਸਿੱਖਾਂ ਨੂੰ ਗਲਤੀ ਕਰਨ ਉੱਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਈ ਜਾ ਚੁੱਕੀ ਹੈ।
ਸਿੱਖ ਪੰਥ ਵਿੱਚ ਪੂਰਨ ਗੁਰਸਿੱਖ ਵਿਅਕਤੀ ਨੂੰ ਹੀ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਰਿਹਾ ਹੈ। ਜੋ ਵਿਅਕਤੀ ਕਕਾਰਾਂ ਦਾ ਪੱਕਾ ਹੋਵੇ, ਉਸਨੂੰ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਂਦਾ ਹੈ। ਜਦਕਿ ਕੇਸ , ਦਾੜੀ ਆਦਿ ਕਟਵਾਉਣ ਵਾਲੇ ਸਿੱਖ ਨੂੰ ਕੁਰਹਿਤੀਆ ਮੰਨਿਆ ਜਾਂਦਾ ਹੈ, ਜਿਸ ਕਰਕੇ ਉਸਨੂੰ ਤਖ਼ਤ ਸਾਹਿਬ ਉਪਰ ਤਲਬ ਨਹੀਂ ਕੀਤਾ ਜਾਂਦਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।