ਤਰਨਤਾਰਨ, 30 ਜਨਵਰੀ, ਦੇਸ਼ ਕਲਿਕ ਬਿਊਰੋ :
ਤਰਨਤਾਰਨ ‘ਚ ਪੁਲਿਸ ਅਤੇ ਅੱਤਵਾਦੀਆਂ ਵਿਚਾਲੇ ਕਰਾਸ ਫਾਇਰਿੰਗ ਹੋਈ ਹੈ। ਜਵਾਬੀ ਕਾਰਵਾਈ ‘ਚ ਹਮਲਾਵਰ ਅੱਤਵਾਦੀ ਪੁਲਸ ਦੀਆਂ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗਰੋਹ ਵੀ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੀਆਂ ਹਦਾਇਤਾਂ ‘ਤੇ ਚੱਲ ਰਿਹਾ ਸੀ।
ਫੜੇ ਗਏ ਅੱਤਵਾਦੀਆਂ ਦੀ ਪਛਾਣ ਰੋਬਿਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਵਜੋਂ ਹੋਈ ਹੈ। ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਨੇ ਦੋਵਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ ‘ਤੇ ਹਮਲਾ ਕਰ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸਵੈ-ਰੱਖਿਆ ਵਿਚ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਦੋਵੇਂ ਜ਼ਖਮੀ ਹੋ ਗਏ।
ਜ਼ਖ਼ਮੀ ਹਮਲਾਵਰਾਂ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 2 ਗ੍ਰਨੇਡ, 1 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
