ਫਿਰੋਜ਼ਪੁਰ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੋਂ ਵਧੀ
ਫਿਰੋਜ਼ਪੁਰ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਫ਼ਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਨੇੜੇ ਵਾਪਰਿਆ। ਘਟਨਾ ਦੇ ਸਮੇਂ ਪਿਕਅਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ।
ਇਸ ਦੇ ਨਾਲ ਹੀ ਘਟਨਾ ‘ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਵਾਪਰਿਆ। ਫਿਲਹਾਲ ਫ਼ਿਰੋਜ਼ਪੁਰ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਹੋਏ ਹਨ।
ਮੌਕੇ ‘ਤੇ ਮੌਜੂਦ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਰੋਡ ਸੇਫਟੀ ਫੋਰਸ (ਐੱਸਐੱਸਐੱਫ) ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਂਦੇ ਹੀ 8 ਤੋਂ ਜ਼ਿਆਦਾ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਕੁਝ ਦੀ ਇਲਾਜ ਦੌਰਾਨ ਮੌਤ ਹੋ ਗਈ।

ਫਿਰੋਜ਼ਪੁਰ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੋਂ ਵਧੀ
Published on: January 31, 2025 10:54 am