ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ ਕਿਸਾਨ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਅੰਕੜਾ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨ ਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਲ ਹਨ। ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭਇਛਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਹਿਯੋਗੀ ਮਾਹੌਲ ਸਿਰਜ ਕੇ, ਸਰਕਾਰ ਦਾ ਉਦੇਸ਼ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਲੀਆਂ ਨੀਤੀਆਂ ਨੂੰ ਲਾਗੂ ਕਰਨਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।