ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਅਹਿਮ ਮੀਟਿੰਗ ਦਿੱਲੀ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਹੋਈ ਹਾਰ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਅੱਜ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ ਪਹੁੰਚੇ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਇਹ ਇਕ ਆਮ ਮੀਟਿੰਗ ਹੋ ਜੋ ਅਕਸਰ ਪਹਿਲਾਂ ਵੀ ਹੁੰਦੀ ਰਹਿੰਦੀ ਹੈ। ਇਸ ਸਬੰਧੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਲ ਪਹਿਲਾਂ ਵੀ ਵਿਧਾਇਕਾਂ ਨੂੰ ਮਿਲਦੇ ਰਹਿੰਦੇ ਹਨ, ਅੱਜ ਵੀ ਉਸੇ ਤਰ੍ਹਾਂ ਇਕ ਮੀਟਿੰਗ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਬਹੁਤ ਮਿਹਨਤ ਕੀਤੀ ਹੈ, ਜੋ ਕਮੀਆਂ ਰਹੀਆਂ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬਹੁਤ ਵਧੀਆ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ ਹਨ। ਉਨ੍ਹਾਂ ਵੱਲੋਂ ਇਹ ਮੀਟਿੰਗ ਦਿੱਲੀ ਚੋਣਾਂ ਉਤੇ ਚਰਚਾ ਕਰਨ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਰੱਖੀ ਗਈ ਹੈ।