ਖਨੌਰੀ, 12 ਫਰਵਰੀ, ਦੇਸ਼ ਕਲਿਕ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ਅੱਜ (12 ਫਰਵਰੀ) ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਜਨਤਾ ਨੂੰ ਸੰਦੇਸ਼ ਦੇਣਗੇ।
ਦੂਜੇ ਪਾਸੇ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਨਾਲ ਏਕਤਾ ਦੇ ਪ੍ਰਸਤਾਵ ਨੂੰ ਲੈ ਕੇ ਮੀਟਿੰਗ ਰੱਖੀ ਗਈ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇੱਕ ਮੰਚ ‘ਤੇ ਲਿਆਇਆ ਜਾਵੇ। ਪਰ ਖਨੌਰੀ ਫਰੰਟ ਦੇ ਕਿਸਾਨ ਆਗੂਆਂ ਨੇ ਇਸ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸ਼ੰਭੂ ਮੋਰਚਾ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਹੋਣਗੇ।
