ਚੰਡੀਗੜ੍ਹ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਲੈ ਕੇ ਕੇਂਦਰ ਸਰਕਾਰ ਨੇ ਇੱਕ ਕਮੇਟੀ ਗਠਿਤ ਕਰ ਦਿੱਤੀ ਹੈ। ਇਹ ਜਾਣਕਾਰੀ ਖਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦ ਸ਼ੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ ਦੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਕੇਂਦਰ ਸਰਕਾਰ ਨੇ ਦਿੱਤੀ।
ਲੋਕ ਸਭਾ ਸਪੀਕਰ ਨੇ ਇਸ ਕਮੇਟੀ ਦਾ ਗਠਨ ਕੀਤਾ ਹੈ, ਜੋ ਇਹ ਵਿਚਾਰ ਕਰੇਗੀ ਕਿ ਕੀ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਮਨਜ਼ੂਰੀ ਦਿੱਤੀ ਜਾਵੇ ਜਾਂ ਨਹੀਂ। ਪਿਛਲੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਨੇ ਅਰਜ਼ੀ ‘ਤੇ ਕੇਂਦਰ ਸਰਕਾਰ ਤੋਂ ਸਪਸ਼ਟੀਕਰਨ ਮੰਗਿਆ ਸੀ।ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ।
ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਦੀ ਬੈਂਚ ਨੇ ਵਧੀਕ ਸੋਲਿਸੀਟਰ ਜਨਰਲ ਸਤਿਆਪਾਲ ਜੈਨ ਨੂੰ ਹੁਕਮ ਦਿੱਤਾ ਸੀ ਕਿ ਉਹ 25 ਫ਼ਰਵਰੀ ਤੱਕ ਇਸ ਸੰਬੰਧ ਵਿੱਚ ਅਦਾਲਤ ਨੂੰ ਜਾਣਕਾਰੀ ਦੇਣ। ਹਾਲਾਂਕਿ, ਪਟੀਸ਼ਨ ਕਰਤਾ ਦੇ ਵਕੀਲ ਦੀ ਤਬੀਅਤ ਖਰਾਬ ਹੋਣ ਕਰਕੇ ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ।
