ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮਾਈਨਿੰਗ ਵਿਭਾਗ ਦੀ ਨਕਲੀ ਵੈੱਬਸਾਈਟ ਬਣਾਕੇ ਸਰਕਾਰੀ ਖਜਾਨੇ ਨੂੰ 50 ਲੱਖ ਦਾ ਨੁਕਸਾਨ ਪਹੁੰਚਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਸਟੇਟ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।ਮੁਲਜ਼ਮ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ।
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ X ’ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਪੰਜਾਬ ਵਿੱਚ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਦੀ ਸੁਣਵਾਈ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਸੀ। ਇਸ ਦੌਰਾਨ, 22 ਜਨਵਰੀ ਨੂੰ ਮਾਈਨਿੰਗ ਵਿਭਾਗ ਨੇ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ ਵਿਭਾਗ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਹਨ।
ਕੁਝ ਲੋਕਾਂ ਨੇ ਵਿਭਾਗ ਦੀ ਵੈੱਬਸਾਈਟ ਵਰਗੀ ਨਕਲੀ ਵੈੱਬਸਾਈਟ ਤਿਆਰ ਕਰ ਲਈ। ਉੱਥੋਂ ਗੈਰਕਾਨੂੰਨੀ ਢੰਗ ਨਾਲ ਮਾਈਨਿੰਗ ਪਰਮਿਟ ਜਾਰੀ ਕੀਤੇ ਜਾ ਰਹੇ ਸਨ। ਸੁਣਵਾਈ ਤੋਂ ਬਾਅਦ, ਸਟੇਟ ਸਾਇਬਰ ਸੈੱਲ ਨੇ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ।



