ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

ਸਿੱਖਿਆ \ ਤਕਨਾਲੋਜੀ ਪੰਜਾਬ


ਚੰਡੀਗੜ੍ਹ, 8 ਮਾਰਚ: ਦੇਸ਼ ਕਲਿੱਕ ਬਿੳਰੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਸੂਬੇ ਭਰ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ  10 ਘੰਟੇ ਦਾ ਵਿਆਪਕ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ ਸ਼ੁਰੂ ਕੀਤਾ ਜਾਵੇਗਾ।

ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ, ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪ੍ਰੋ. (ਡਾ.) ਸੰਜੀਵ ਪੁਰੀ ਅਤੇ ਡਾਇਰੈਕਟਰ ਈਐਮਆਰਸੀ ਪਟਿਆਲਾ ਦਲਜੀਤ ਅਮੀ ਵਿਚਕਾਰ ਸਮਝੌਤਾ ਸਹੀਬੱਧ ਕੀਤਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਸੂਬੇ ਦੀ ਵਿਆਪਕ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਹੈ, ਜੋ ਨੌਜਵਾਨਾਂ ਅਤੇ ਭਾਈਚਾਰਿਆਂ ਦੀ ਸੁਰੱਖਿਆ ਲਈ ਇੱਕ ਢਾਂਚਾਗਤ ਨਸ਼ਾ ਜਾਗਰੂਕਤਾ ਪ੍ਰੋਗਰਾਮ ਚਲਾਏਗੀ।

ਉਨ੍ਹਾਂ ਕਿਹਾ ਕਿ 10 ਘੰਟੇ ਦੇ ਇਸ ਕੋਰਸ ਨੂੰ ਦਿਲਚਸਪ ਅਤੇ ਜਾਣਕਾਰੀ ਭਰਪੂਰ ਬਣਾਉਣ ਲਈ ਇਸ ਵਿੱਚ ਲੈਕਚਰ, ਆਡੀਓ-ਵਿਜ਼ੂਅਲ ਸਮੱਗਰੀ ਅਤੇ ਇੰਟਰਐਕਟਿਵ ਸੈਸ਼ਨ ਸ਼ਾਮਲ ਕੀਤੇ ਜਾਣਗੇ ਜੋ ਨਸ਼ੇ ਦੀ ਵਰਤੋਂ ਦੀ ਰੋਕਥਾਮ ਸਬੰਧੀ ਸਾਰੇ ਪਹਿਲੂਆਂ ਨੂੰ ਕਵਰ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਕੋਰਸ ਸੂਬੇ ਭਰ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਸ਼ੁਰੂ ਕੀਤਾ ਜਾਵੇਗਾ, ਜਿਸ ਦੇ ਪੂਰਾ ਹੋਣ ‘ਤੇ ਭਾਗੀਦਾਰਾਂ ਨੂੰ ਇੱਕ ਸਰਟੀਫਿਕੇਟ ਦਿੱਤਾ ਜਾਵੇਗਾ, ਜੋ ਨਸ਼ਾ ਮੁਕਤ ਰਹਿਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਮਾਨਤਾ ਦੇਵੇਗਾ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਨੀਲਾਭ ਕਿਸ਼ੋਰ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਡਿਜੀਟਲ ਸਮੱਗਰੀ ਈਐਮਆਰਸੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤਿਆਰ ਕੀਤੀ ਜਾਵੇਗੀ, ਜਦੋਂ ਕਿ ਏਐਨਟੀਐਫ ਪੰਜਾਬ ਸਮੱਗਰੀ ਨੂੰ ਅੰਤਿਮ ਰੂਪ ਦੇਵੇਗਾ ਅਤੇ ਸਮੱਗਰੀ ਦੀ ਸਿਰਜਣਾ, ਵਿਸਥਾਰ ਅਤੇ ਡਿਲੀਵਰੀ ਦੀ ਨਿਗਰਾਨੀ ਕਰਨ ਲਈ ਇੱਕ ਸੰਪਾਦਕੀ ਬੋਰਡ ਨਿਯੁਕਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਏਐਨਟੀਐਫ ਸਕ੍ਰਿਪਟ ਤਿਆਰ ਕਰਨ ਲਈ ਜ਼ਿੰਮੇਵਾਰ ਮਾਹਿਰਾਂ ਦੀ ਪਛਾਣ ਕਰੇਗਾ। ਉਹਨਾਂ ਅੱਗੇ ਕਿਹਾ ਕਿ ਸਮੱਗਰੀ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ਵਿੱਚ ਵੀ ਤਿਆਰ ਕੀਤੀ ਜਾਵੇਗੀ।

ਏਡੀਜੀਪੀ ਨੇ ਕਿਹਾ ਕਿ ਇਹ ਕੋਰਸ ਅਗਲੇ ਅਕਾਦਮਿਕ ਸੈਸ਼ਨ ਵਿੱਚ ਸ਼ੁਰੂ ਕੀਤੇ ਜਾਣ ਦੀ ਉਮੀਦ ਹੈ ਅਤੇ ਇਸਨੂੰ ਰਸਮੀ ਅਤੇ ਗੈਰ-ਰਸਮੀ ਸਿੱਖਿਆ ਪ੍ਰਣਾਲੀਆਂ ਦੋਵਾਂ ਵਿੱਚ ਜੋੜਿਆ ਜਾਵੇਗਾ।

ਉਹਨਾਂ ਕਿਹਾ ਕਿ ਸਕੂਲ ਦੇ ਪਾਠਕ੍ਰਮ ਵਿੱਚ “ਨਸ਼ਾ ਵਿਰੋਧੀ ਜਾਗਰੂਕਤਾ ਅਤੇ ਰੋਕਥਾਮ” ਨੂੰ ਸ਼ਾਮਲ ਕਰਨ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਣਕਾਰੀ ਦੇਣ ਵਿੱਚ ਮਦਦ ਮਿਲੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।