3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ

ਪੰਜਾਬ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਇੱਕ ਕਪੂਰਥਲਾ ਨਿਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਚਲਾਣ ਦਾਇਰ ਕਰਨ ਵਾਸਤੇ ਉਸ ਨੂੰ ਰਿਸ਼ਵਤ ਦੇਣ ਲਈ ਕਿਹਾ ਸੀ।
ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਪਾਏ ਗਏ ਅਤੇ ਇਹ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ. ਇਸ ਮਕਸਦ ਲਈ ਸ਼ਿਕਾਤਕਰਤਾ ਤੋਂ ਪਹਿਲਾਂ ਹੀ 3,500 ਰੁਪਏ ਲੈ ਚੁੱਕਾ ਸੀ ਅਤੇ ਚਲਾਣ ਦਾਇਰ ਕਰਨ ਬਦਲੇ 10,000 ਰੁਪਏ ਹੋਰ ਮੰਗ ਕਰ ਰਿਹਾ ਸੀ। ਇਸ ਉਪਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।