ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ-ਸੰਧਵਾਂ
ਕੋਟਕਪੂਰਾ 13 ਮਾਰਚ , ਦੇਸ਼ ਕਲਿੱਕ ਬਿਓਰੋ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਗ੍ਰਹਿ ਵਿਖੇ ਕੋਟਕਪੂਰਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਕਰਯੋਗ ਹੈ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਜਦੋਂ ਵੀ ਸਮਾਂ ਮਿਲਦਾ ਹੈ, ਉਹ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਉਨ੍ਹਾਂ ਦੇ ਰੂਬਰੂ ਹੁੰਦੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਨਿਰਦੇਸ਼ ਦਿੰਦੇ ਹਨ।
ਇਸੇ ਲੜੀ ਤਹਿਤ ਅੱਜ ਉਨ੍ਹਾਂ ਆਪਣੇ ਗ੍ਰਹਿ ਸੰਧਵਾਂ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਮਾਂਬੱਧ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਕਰਕੇ ਹੀ ਉਹ ਇਸ ਮੁਕਾਮ ਤੇ ਪਹੁੰਚੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਆਪ ਦੀ ਸਰਕਾਰ ਦੇ ਹੁੰਦਿਆਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨਿੱਜੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਉਨ੍ਹਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਜਾਂਦਾ ਹੈ।
ਸਪੀਕਰ ਸ. ਸੰਧਵਾਂ ਨੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣਾ ਕੋਈ ਕੰਮ ਕਰਵਾਉਣ ਵਿੱਚ ਸਮੱਸਿਆਵਾ ਦਰਪੇਸ਼ ਆ ਰਹੀ ਹੈ ਤਾਂ ਉਹ ਸਮੇਂ ਸਮੇਂ ਤੇ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾਪੂਰਵਕ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵੱਧ ਚੜ੍ਹ ਕੇ ਹਿੱਸਾ ਬਣਨ।