ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਸਿੱਖਿਆ \ ਤਕਨਾਲੋਜੀ

ਦਲਜੀਤ ਕੌਰ 

ਸੰਗਰੂਰ, 20 ਮਾਰਚ, 2025: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਨੂੰ ਵਧਾਉਣ ਲਈ ਵਿਸ਼ੇ਼ਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੀ ਮੌਜੂਦਗੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਤੋਂ ਇੱਕ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ ਤੌਰ ਤੇ ਤਿਆਰ ਕਰਵਾਈ ਗਈ ਹੈ ਜ਼ੋ ਕਿ ਜਿ਼ਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਜਾ ਕੇ ਨਾਗਰਿਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਗਰੂਕ ਕਰੇਗੀ ਅਤੇ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਵਿੱਚ ਭੂਮਿਕਾ ਨਿਭਾਏਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਈਲਵਾਲ ਸਮੇਤ ਸਕੂਲ ਦੇ ਵਿਹੜੇ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਭਵਿੱਖ ਦੇ ਟੀਚਿਆਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਬਿਹਤਰੀਨ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇ਼ਸ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਮੋਹਰੀ ਬਣ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਪੜ੍ਹਾਈ ਕਰਨ ਦੇ ਢੰਗਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਵਿਸ਼ੇ਼ਸ ਸਿਖਲਾਈ ਦਿਵਾਈ ਜਾ ਰਹੀ ਹੈ ਤਾਂ ਜ਼ੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜਾਰੀ ਵਿੱਚ ਵਿਆਪਕ ਪੱਧਰ ‘ਤੇ ਸੁਧਾਰ ਲਿਆਂਦਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੋ ਬੱਚਿਆਂ ਦਾ ਦਾਖ਼ਲਾ ਕਰਕੇ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ।

ਇਸ ਮੌਕੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਜ਼ਿਲਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਸਟਾਫ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਆਪਸੀ ਤਾਲਮੇਲ ਨਾਲ ਦਾਖਲਾ ਦਰ ਦੇ ਨਿਰਧਾਰਿਤ ਉਦੇਸ਼ ਨੂੰ ਯਕੀਨੀ ਤੌਰ ਉੱਤੇ ਸਾਕਾਰ ਕੀਤਾ ਜਾ ਸਕੇਗਾ।

 ਜ਼ਿਲ੍ਹਾ ਸਿੱਖਿਆ ਅਫਸਰ ਤਰਵਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਸਰਕਾਰੀ ਸਕੂਲਾਂ ਵਿੱਚ 10 ਫੀਸਦੀ ਤੱਕ ਵਿਦਿਆਰਥੀਆਂ ਦੇ ਦਾਖ਼ਲੇ ਵਿੱਚ ਵਾਧੇ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉੱਪ ਜਿਲ੍ਹਾ ਸਿੱਖਿਆ ਅਫ਼ਸਰ, ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਰਿਸੋਰਸ ਪਰਸਨ, ਸੀ ਐਚ ਟੀ, ਐਚ ਟੀ ਅਤੇ ਅਧਿਆਪਕ ਇਸ ਮੁਹਿੰਮ ਵਿੱਚ ਆਪੋ ਆਪਣਾ ਯੋਗਦਾਨ ਪਾ ਰਹੇ ਹਨ।

ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਤਿਆਰ ਕੀਤੀ ਗਈ ਪੜ੍ਹਨ ਪੜ੍ਹਾਉਣ ਸਮੱਗਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।