ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ 25 ਮਾਰਚ ਦੀ ਸਾਂਝੇ ਫਰੰਟ ਦੀ ਮੋਹਾਲੀ ਰੈਲੀ ਲਈ ਤਿਆਰੀ ਮੀਟਿੰਗ

ਪੰਜਾਬ

ਦਲਜੀਤ ਕੌਰ 

ਸ਼੍ਰੀ ਫਤਿਹਗੜ੍ਹ ਸਾਹਿਬ, 21 ਮਾਰਚ 2025: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਦੌਰਾਨ 25 ਮਾਰਚ ਨੂੰ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੀ ਰੈਲੀ ਅਤੇ ਵਿੱਦਿਅਕ ਸਰੋਕਾਰਾਂ ਬਾਰੇ ਡੀ.ਟੀ.ਐੱਫ. ਵੱਲੋਂ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਹੋ ਰਹੀਂ ਸੂਬਾਈ ਕਨਵੈਨਸ਼ਨ ਵਿੱਚ ਫਤਿਹਗੜ੍ਹ ਸਾਹਿਬ ਜਿਲ੍ਹੇ ਵਿੱਚੋਂ ਭਰਵੀਂ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ।

ਇਸ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਜੋਸ਼ੀਲ ਤਿਵਾੜੀ ਨੇ ਦੱਸਿਆ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਇਆਂ ਨੂੰ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹਰ ਵਰਗ ਦਾ ਮੁਲਾਜ਼ਮ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਦੇ ਆਗੂਆਂ ਵੱਲੋਂ ਕੱਚੇ ਮੁਲਾਜ਼ਮਾਂ (ਸਮੇਤ ਸਮੂਹ ਕੱਚੇ ਅਧਿਆਪਕਾਂ ਅਤੇ ਕੰਪਿਊਟਰ ਅਧਿਆਪਕਾਂ) ਨੂੰ ਰੈਗੂਲਰ ਕਰਨ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਥੋਪੇ ਨਵੇਂ ਪੇ ਸਕੇਲਾਂ ਦੀ ਥਾਂ ਪੰਜਾਬ ਪੇ ਸਕੇਲ ਬਹਾਲ ਕਰਨੇ, ਪੇ ਕਮਿਸ਼ਨ ਦੀ ਰਿਪੋਰਟ ਪੂਰਨ ਰੂਪ ਵਿੱਚ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕਰਨ ਅਤੇ ਪੇਂਡੂ ਇਲਾਕਾ ਤੇ ਬਾਰਡਰ ਇਲਾਕਾ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਬਹਾਲ ਕਰਨ ਸਮੇਤ ਕਈ ਹੋਰ ਮੁਲਾਜ਼ਮ ਪੱਖੀ ਕੰਮ ਕਰਨ ਦੇ ਭਰੋਸੇ ਦਿੱਤੇ ਗਏ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਕੀਤੇ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਸਰਕਾਰ ਦੇ ਅਜਿਹੇ ਵਤੀਰੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ 25 ਮਾਰਚ ਨੂੰ ਮੋਹਾਲੀ ਵਿਖੇ ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਧੜੱਲੇ ਨਾਲ ਲਾਗੂ ਕੀਤੀ ਜਾ ਰਹੀਂ ਨਿੱਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਨਵੀਂ ਸਿੱਖਿਆ ਨੀਤੀ-2020 ਰੱਦ ਕਰਨ ਅਤੇ ਸਿੱਖਿਆ ਨੂੰ ਰਾਜ ਸੂਚੀ ਵਿੱਚ ਸ਼ਾਮਿਲ ਕਰਵਾਉਣ ਦੇ ਮਤੇ ਵਿਧਾਨ ਸਭਾ ਵਿੱਚ ਪਾਸ ਕਰਨ, ਪੰਜਾਬ ਦੇ ਸਥਾਨਕ ਹਾਲਾਤਾਂ ਅਨੁਸਾਰ ‘ਵਿਗਿਆਨਕ ਲੀਹਾਂ’ ਤੇ ਆਪਣੀ ਸਿੱਖਿਆ ਨੀਤੀ, ਪਾਠਕ੍ਰਮ ਤੇ ਵਿੱਦਿਅਕ ਕੈਲੰਡਰ ਤਿਆਰ ਕਰਨ, ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਬਿਆਨ ਵਾਪਸ ਕਰਵਾਉਣ, ਸਕੂਲ ਆਫ਼ ਐਮੀਨੈਂਸ/ਪੀਐੱਮ ਸ੍ਰੀ/ਸਕੂਲ ਆਫ਼ ਹੈਪੀਨੈਸ ਰਾਹੀਂ ਵਿਤਕਰੇ ਅਧਾਰਿਤ ਸਿੱਖਿਆ ਵਿੱਦਿਅਕ ਮਾਡਲ ਮਜਬੂਤ ਕਰਨ ਦੀ ਥਾਂ ਪੰਜਾਬ ਦੇ ਸਾਰੇ 19200 ਸਕੂਲਾਂ ਵਿੱਚ ਬਰਾਬਰਤਾ ਅਧਾਰਿਤ ਮਿਆਰੀ ਸਿੱਖਿਆ ਦੇਣ, ਹਰ ਤਰ੍ਹਾਂ ਦੀਆਂ ਖਾਲੀ ਅਸਾਮੀਆਂ ਪ੍ਰਮੋਸ਼ਨ ਤੇ ਸਿੱਧੀ ਭਰਤੀ ਰਾਹੀਂ ਭਰਨ ਅਤੇ ਸਿੱਖਿਆ ਵਿਭਾਗ ਦੇ ਅਹਿਮ ਅਹੁਦਿਆਂ ‘ਤੇ ਨੌਕਰਸ਼ਾਹੀ ਦੀ ਥਾਂ ਸਿੱਖਿਆ ਸ਼ਾਸਤਰੀਆਂ/ਸਿੱਖਿਆ ਕਾਡਰ ਨੂੰ ਫੈਸਲਾਕੁੰਨ ਭੂਮਿਕਾ ਵਿੱਚ ਰੱਖਣ ਵਰਗੇ ਅਹਿਮ ਵਿੱਦਿਅਕ ਸਰੋਕਾਰਾਂ ਬਾਰੇ 8 ਅਪ੍ਰੈਲ ਨੂੰ ਸੋਹਣ ਸਿੰਘ ਭੱਕਣਾ ਹਾਲ ਚੰਡੀਗੜ੍ਹ ਵਿਖੇ ਡੀ.ਟੀ. ਐੱਫ. ਵੱਲੋਂ ਸੂਬਾਈ ਕਨਵੈਨਸ਼ਨ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਟੀ.ਐੱਫ. ਆਗੂ ਜਤਿੰਦਰ ਸਿੰਘ, ਹਰਿੰਦਰਜੀਤ ਸਿੰਘ, ਸੁਖਜਿੰਦਰ ਸਿੰਘ, ਨਵਜੋਤ ਸਿੰਘ, ਬਲਜਿੰਦਰ ਘਈ, ਗੁਲਸ਼ਨ ਕੁਮਾਰ, ਗਗਨਦੀਪ ਸਿੰਘ, ਅਮਨਦੀਪ ਸਿੰਘ, ਤੇਜਵੰਤ ਸਿੰਘ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਜਿਲ੍ਹਾ ਕਨਵੀਨਰ ਜਗਜੀਤ ਜਟਾਣਾ ਅਤੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।