ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਹਫ਼ਤੇ ਗਰਮੀ ਵਧਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ 4 ਦਿਨਾਂ ਵਿੱਚ ਸੂਬੇ ਦਾ ਔਸਤ ਤਾਪਮਾਨ 5 ਡਿਗਰੀ ਸੈਲਸੀਅਸ ਵਧੇਗਾ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਪਟਿਆਲਾ ਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.6 ਡਿਗਰੀ ਸੈਲਸੀਅਸ ਵੱਧ ਹੈ। ਜਦਕਿ ਫਰੀਦਕੋਟ ਦਾ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਵਿੱਚ 37.0 ਡਿਗਰੀ ਸੈਲਸੀਅਸ, ਬਠਿੰਡਾ – 37.2 ਡਿਗਰੀ ਸੈਲਸੀਅਸ, ਗੁਰਦਾਸਪੁਰ – 33 ਡਿਗਰੀ ਸੈਲਸੀਅਸ, ਲੁਧਿਆਣਾ – 34.6 ਡਿਗਰੀ ਸੈਲਸੀਅਸ, ਅੰਮ੍ਰਿਤਸਰ – 30.8 ਡਿਗਰੀ ਸੈਲਸੀਅਸ, ਮੋਹਾਲੀ – 35 ਡਿਗਰੀ ਸੈਲਸੀਅਸ ਅਤੇ ਹੁਸ਼ਿਆਰਪੁਰ ਵਿੱਚ 32.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਵਾਧਾ ਹੋ ਸਕਦਾ ਹੈ, ਜਿਸ ਕਾਰਨ ਲੂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਲੂ ਦਾ ਪ੍ਰਭਾਵ ਰਹੇਗਾ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਸ਼ੁਰੂ ਵਿੱਚ ਹੀਟ ਵੇਵ ਦਾ ਅਸਰ ਰਾਜਸਥਾਨ ਦੇ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਹੋਰ ਜ਼ਿਲ੍ਹਿਆਂ ਵਿੱਚ ਵੀ ਫੈਲ ਜਾਵੇਗਾ।



