ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :
Waqf Bill: ਵਕਫ ਸੋਧ ਬਿੱਲ ਨੂੰ ਵੀਰਵਾਰ ਦੇਰ ਰਾਤ ਰਾਜ ਸਭਾ ਨੇ ਵੀ 12 ਘੰਟਿਆਂ ਤੋਂ ਵੱਧ ਦੀ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ। ਬਿੱਲ ਦੇ ਹੱਕ ਵਿੱਚ 128 ਅਤੇ ਵਿਰੋਧ ਵਿੱਚ 95 ਵੋਟਾਂ ਪਈਆਂ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਸ ਬਿੱਲ ਨੂੰ ਲੋਕ ਸਭਾ ‘ਚ 12 ਘੰਟੇ ਦੀ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਸੀ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਜਾਵੇਗਾ। ਉਨ੍ਹਾਂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।
ਬੀਜੂ ਜਨਤਾ ਦਲ (ਬੀਜੇਡੀ) ਨੇ ਬਿੱਲ ‘ਤੇ ਚਰਚਾ ਦੌਰਾਨ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਨਹੀਂ ਕੀਤਾ ਸੀ। ਪਾਰਟੀ ਨੇ ਕਿਹਾ ਸੀ ਕਿ ਸੰਸਦ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਵਕਫ ਬਿੱਲ ‘ਤੇ ਫੈਸਲਾ ਲੈਣਾ ਚਾਹੀਦਾ ਹੈ।
ਭਾਜਪਾ ਦੇ ਸੰਸਦ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਨੇ ਚਰਚਾ ਦੌਰਾਨ ਕਿਹਾ ਕਿ ਵਕਫ਼ ਨੇ ਇੱਕ ਵਾਰ ਤਾਜ ਮਹਿਲ ‘ਤੇ ਵੀ ਦਾਅਵਾ ਕਰ ਦਿੱਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਫਟਕਾਰ ਲਗਾਈ ਸੀ।




