’ਪੰਜਾਬ ਸਿੱਖਿਆ ਕ੍ਰਾਂਤੀ’ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

ਸਿੱਖਿਆ \ ਤਕਨਾਲੋਜੀ


 ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਦੇਸ਼ ਕਲਿੱਕ ਬਿਓਰੋ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਅੱਜ ਗੜ੍ਹਸ਼ੰਕਰ ਹਲਕੇ ਦੇ ਚਾਰ ਸਕੂਲਾਂ ਵਿਚ 81.36 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬੀਰਮਪੁਰ, ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਬਿਲੜੋਂ ਵਿਚ ਵੱਖ-ਵੱਖ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾ ਪੁੱਟੀਆਂ ਗਈਆਂ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਅੰਦਰ ਬੁਨਿਆਦੀ ਹੁਨਰਾਂ ਨੂੰ ਮਜ਼ਬੂਤ ਕਰਨਾ, ਅਧਿਆਪਨ ਤਰੀਕਿਆਂ ਵਿਚ ਸਮੇਂ ਅਨੁਸਾਰ ਤਬਦੀਲੀ, ਮੈਗਾ ਮਾਪੇ-ਅਧਿਆਪਕ ਮਿਲਣੀਆਂ, ਸਿੱਖਿਆ ਵਿਭਾਗ ਦੇ ਪ੍ਰਿੰਸੀਪਲਾਂ, ਹੈਡਮਾਸਟਰ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਮੁੱਖ ਤੌਰ ’ਤੇ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ ਸਕੂਲਜ਼ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਬ੍ਰਿਲਿਐਂਸ ਦੀ ਸਥਾਪਿਤੀ, 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈਸ ਵਿਚ ਤਬਦੀਲ ਕਰਨਾ ਅਤੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਨਵੀਂ ਦਿਖ ਰਾਹੀਂ ਵਿਦਿਆਰਥੀਆਂ ਨੂੰ ਅਤਿਆਧੁਨਿਕ ਸਿੱਖਿਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਵਿਖੇ 51.97 ਲੱਖ ਰੁਪਏ ਦੀ ਲਾਗਤ ਵਾਲੇ ਅਤੇ ਸਰਕਾਰੀ ਹਾਈ ਸਕੂਲ ਬੀਰਮਪੁਰ ਵਿਖੇ 4.88 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਬੀਰਮਪੁਰ ਸਕੂਲ ਬੁਨਿਆਦੀ ਢਾਂਚੇ ਪੱਖੋਂ ਇਲਾਕੇ ਵਿਚ ਮਿਸਾਲ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕਿਸੇ ਸਹੂਲਤ ਦੀ ਘਾਟ ਨਹੀਂ ਰਹੇਗੀ। ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਵਿਖੇ 17 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਮੁਫ਼ਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਵੱਧ ਤੋਂ ਵੱਧ ਵਿਦਿਆਰਥੀ ਇਨ੍ਹਾਂ ਸਕੂਲਾਂ ਵਿਚ ਪੜ੍ਹਾਉਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।  

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।