ਮੋਹਾਲੀ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵੱਲੋਂ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ), ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ (farmer training camp) ਅਤੇ ਪ੍ਰਦਰਸ਼ਨੀ ਲਗਾਈ ਗਈ।
ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ੍ਰੀਮਤੀ ਕੋਮਲ ਮਿੱਤਲ, ਦੇ ਨਿਰਦੇਸ਼ਾਂ ਅਧੀਨ ਸ੍ਰੀਮਤੀ ਸੋਨਮ ਚੌਧਰੀ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਵਿਸ਼ੇਸ਼ ਤੌਰ ਤੇ ਕੈਪ ਵਿੱਚ ਭਾਗ ਲਿਆ ਗਿਆ ਅਤੇ ਕੈਂਪ ਦਾ ਉਦਘਾਟਨ ਕੀਤਾ। ਡਾ.ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਨੇ ਸਾਉਣੀ ਦੀਆਂ ਫਸਲਾਂ, ਪਰਾਲੀ ਦੇ ਸੁਚੱਜੇ ਪ੍ਰਬੰਧ, ਕੁਦਰਤੀ ਸੋਮੇ, ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਕੈਂਪ ਵਿੱਚ ਭਾਗ ਲੈ ਰਹੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਅੰਕੜਾ) ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਦੀ ਸਿਹਤ, ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਦੀ ਬਹੁਤ ਜ਼ਰੂਰਤ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ। ਕੈਂਪ ਵਿੱਚ ਭਾਗ ਲੈ ਰਹੇ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦਾ ਬਿਜਲੀ ਦੀ ਨਿਰੰਤਰ ਸਪਲਾਈ ਲਈ ਧੰਨਵਾਦ ਕੀਤਾ ਅਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ ਸਰਕਾਰ ਦਾ ਸਾਥ ਦੇਣ ਲਈ ਅਪੀਲ ਕੀਤੀ ਤਾਂ ਜੋ ਪੰਜਾਬ ਰਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਡਿਪਟੀ ਡਾਇਰੈਕਟਰ ਮੱਛੀ ਪਾਲਣ ਡਾ. ਗੁਰਜੀਤ ਸਿੰਘ ਵੱਲੋਂ ਮੱਛੀ ਪਾਲਣ ਦੇ ਧੰਦੇ, ਖੇਤੀਬਾੜੀ ਅਫਸਰ ਖਰੜ ਡਾ. ਸ਼ੁਭਕਰਨ ਸਿੰਘ ਵੱਲੋਂ ਝੋਨੇ ਦੀ ਫਸਲ ਤੇ ਹਮਲਾ ਕਰਨ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਡਾ. ਰਮਿੰਦਰ ਸਿੰਘ ਘੁੰਮਣ ਅਤੇ ਡਾ.ਨਵਨੀਤ ਕੌਰ ਧਾਲੀਵਾਲ ਕਿਸਾਨ ਸਲਾਹ ਕੇਂਦਰ ਦੇ ਵਿਗਿਆਨੀਆਂ ਵੱਲੋਂ ਸਾਉਣੀ ਦੀਆਂ ਫਸਲਾਂ ਅਤੇ ਯੂਨੀਵਰਸਿਟੀ ਵੱਲੋਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਭੂਮੀ ਰੱਖਿਆ ਅਫਸਰ ਡਾ. ਅਨਿਲ ਕੁਮਾਰ ਬਾਨਾ ਨੇ ਤੁਪਕਾ ਅਤੇ ਸਿੰਚਾਈ ਤੇ ਸਬਸਿਡੀ ਅਤੇ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਸ੍ਰੀਮਤੀ ਸ਼ਿਖਾ ਸਿੰਗਲਾ ਨੇ ਆਤਮਾ ਸਕੀਮ ਅਧੀਨ ਵੱਖ ਵੱਖ ਗਤੀਵਿਧੀਆਂ ਬਾਰੇ ਦੱਸਿਆ। ਕਿਸਾਨ ਆਗੂ ਸ੍ਰੀ ਮੇਹਰ ਸਿੰਘ ਥੇੜੀ ਵੱਲੋਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਵੱਖ ਵੱਖ ਮੁਸ਼ਕਲਾਂ ਦੇ ਹੱਲ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ ਗਈ। ਸ੍ਰੀ ਬਲਵੰਤ ਸਿੰਘ ਨਡਿਆਲੀ ਵੱਲੋਂ ਕਿਸਾਨਾ ਦੀਆਂ ਮੁਸ਼ਕਿਲਾਂ ਬਾਰੇ ਡਿਪਟੀ ਕਮਿਸਨਰ ਐੱਸ.ਏ.ਐੱਸ.ਨਗਰ ਨੂੰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਅੰਕੜਾ) ਰਾਹੀਂ ਮੈਮੋਂਰੰਡਮ ਪੇਸ਼ ਕੀਤਾ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਪਸੂ ਪਾਲਣ ਵਿਭਾਗ, ਭੂਮੀ ਰੱਖਿਆ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਆਪਣੇ ਵਿਭਾਗਾ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਮੱਕੀ ਦੀ ਬਿਜਾਈ ਲਈ ਵਰਤੇ ਜਾਂਦੇ ਨਿਊਮੈਟਿਕ ਪਲਾਂਟਰ, ਪਰਾਲੀ ਦੀਆਂ ਗੰਢਾਂ ਬਨਾਉਣ ਵਾਲੇ ਬੇਲਰ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੇ ਜਾਂਦੇ ਸੁਪਰਸੀਡਰ ਮਸ਼ੀਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋ ਕਿਸਾਨ ਬੀਬੀਆਂ ਸਮੇਤ ਅਗਾਂਹਵਧੂ ਕਿਸਾਨਾਂ ਵੱਲੋਂ ਹੁੰਮ ਹਮਾ ਕੇ ਸ਼ਿਰਕਤ ਕੀਤੀ ਗਈ।
Published on: ਅਪ੍ਰੈਲ 9, 2025 9:12 ਬਾਃ ਦੁਃ