Education Revolution: ਬੈਂਸ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਸਿੱਖਿਆ \ ਤਕਨਾਲੋਜੀ

ਚੰਡੀਗੜ੍ਹ/ਅੰਮ੍ਰਿਤਸਰ/ਤਰਨਤਾਰਨ, 9 ਅਪ੍ਰੈਲ:

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਸਰਹੱਦੀ ਖੇਤਰ ਦੇ ਸਕੂਲਾਂ ਦੇ ਦੌਰੇ ਦੌਰਾਨ ਸ. ਬੈਂਸ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਟਪਿਆਲਾ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਸੱਤ ਕਲਾਸ ਰੂਮ ਅਤੇ ਪਖਾਨੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਪਿਆਲਾ ਵਿਖੇ 8.64 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸਰੂਮ ਅਤੇ ਪਖਾਨਿਆਂ ਸਮੇਤ ਕੁੱਲ 32.02 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਅਟਾਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਵਿਖੇ 48.7 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਤਿੰਨ ਕਲਾਸ ਰੂਮ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਝੀਤਾ ਕਲਾਂ ਵਿਖੇ 8.14 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਖਾਨਿਆਂ ਅਤੇ ਚਾਰਦੀਵਾਰੀ ਲੋਕ ਅਰਪਣ ਕੀਤੀ।

ਸਿੱਖਿਆ ਮੰਤਰੀ ਨੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਹਾਂ ਸਿੰਘ ਗੇਟ ਵਿਖੇ ਦੋ ਕਲਾਸ ਰੂਮ, ਬਾਸਕਟਬਾਲ ਕੋਰਟ ਅਤੇ ਪਖਾਨੇ ਬਣਾਉਣ ਲਈ 29.32 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਵੀ ਕੀਤਾ।

ਇਸ ਤੋਂ ਪਹਿਲਾਂ ਸ. ਹਰਜੋਤ ਸਿੰਘ ਬੈਂਸ ਨੇ ਖੇਮਕਰਨ (ਤਰਨ ਤਾਰਨ) ਵਿਖੇ ਕੌਮਾਂਤਰੀ ਸਰਹੱਦ ਨੇੜੇ ਸਥਿਤ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ, ਜਿੱਥੇ ਸਮਾਰਟ ਕਲਾਸਰੂਮ, ਸਾਇੰਸ ਲੈਬ ਅਤੇ ਚਾਰਦੀਵਾਰੀ ਸਮੇਤ 3.07 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਰਹੱਦ ਤੋਂ ਸਿਰਫ਼ 20 ਮੀਟਰ ਦੀ ਦੂਰੀ ‘ਤੇ ਸਥਿਤ ਪਿੰਡ ਕਲਸ, ਮਸਤਗੜ੍ਹ, ਮਹਿੰਦੀਪੁਰ, ਖੇਮਕਰਨ ਅਤੇ ਵਾਂ ਤਾਰਾ ਸਿੰਘ ਆਦਿ ਪਿੰਡਾਂ ਵਿੱਚ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7 ਅਪ੍ਰੈਲ ਨੂੰ ਖਟਕੜ ਕਲਾਂ ਦੀ ਧਰਤੀ ਤੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਸਰਕਾਰੀ ਸਕੂਲ ਮਹਿੰਦੀਪੁਰ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਲਈ 2,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 2025-26 ਬਜਟ ਵਿੱਚ ਕੁੱਲ ਖਰਚੇ ਦਾ 12 ਫੀਸਦ ਸਿੱਖਿਆ ਲਈ ਰਾਖਵਾਂ ਕੀਤਾ ਗਿਆ ਹੈ ਜੋ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਐਨੀਂ ਵੱਡੀ ਰਕਮ ਸਿੱਖਿਆ ਲਈ ਰੱਖੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਹੱਦੀ ਖੇਤਰ ਦੇ ਸਾਰੇ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੀ ਗਿਣਤੀ ਵਿੱਚ ਅਧਿਆਪਕ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ 300 ਤੋਂ ਵੱਧ ਨਵੇਂ ਅਧਿਆਪਕ ਸਰਹੱਦੀ ਸਕੂਲਾਂ ਵਿੱਚ ਤਾਇਨਾਤ ਕੀਤੇ ਜਾ ਚੁੱਕੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੇ ”ਯੁੱਧ ਨਸ਼ਿਆਂ ਵਿਰੁੱਧ” ਤਹਿਤ ਜੰਗੀ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿੱਚ ਸਿੱਖਿਆ ਦੇ ਪ੍ਰਸਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਸਿੱਖਿਆ ਕ੍ਰਾਂਤੀ ‘ਤੇ ਸਵਾਲ ਉਠਾਉਣ ਵਾਲੇ ਸਿਆਸੀ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਜਦੋਂ ਉਨ੍ਹਾਂ (ਵਿਰੋਧੀਆਂ) ਕੋਲ ਸੱਤਾ ਸੀ ਤਾਂ ਉਨ੍ਹਾਂ ਨੇ ਵਿਦਿਅਕ ਸੁਧਾਰ ਲਈ ਕੱਖ ਨਹੀਂ ਕੀਤਾ ਪਰ ਹੁਣ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਲੈ ਕੇ ਡਾਕਟਰ ਅਤੇ ਇੰਜੀਨੀਅਰ ਬਣਦੇ ਦੇਖ ਕੇ ਉਨ੍ਹਾਂ ਨੂੰ ਤਕਲੀਫ਼ ਹੋ ਰਹੀ ਹੈ।

ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਨੂੰ ਮਹਿਸੂਸ ਕਰ ਰਹੇ ਹਨ ਅਤੇ ਇਸ ਮੁਹਿੰਮ ‘ਤੇ ਉਂਗਲ ਚੁੱਕਣ ਵਾਲਿਆਂ ਨੂੰ ਲੋਕ ਖੁਦ ਜਵਾਬ ਦੇਣਗੇ।”

ਉਨ੍ਹਾਂ ਦੱਸਿਆ ਕਿ ਇਕੱਲੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ 35 ਕਰੋੜ ਰੁਪਏ ਖਰਚ ਕੀਤੇ ਗਏ ਹਨ।

ਇਸ ਦੌਰਾਨ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸਰਹੱਦੀ ਖੇਤਰ ਦੇ ਸਰਕਾਰੀ ਸਕੂਲਾਂ ਦੇ ਚੌਥੀ ਵਾਰ ਦੌਰੇ ਲਈ ਆਏ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਿਹਤਰ ਸਹੂਲਤਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਜ਼ਰੂਰ ਰੌਸ਼ਨ ਕਰਨਗੀਆਂ।

Published on: ਅਪ੍ਰੈਲ 9, 2025 9:36 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।