ਚੰਡੀਗੜ੍ਹ: 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਆਪਣੀ ਡਿਊਟੀ ਨਿਭਾਉਣ ਦੌਰਾਨ ਸ਼ਹੀਦ ਹੋਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਸਮੇਤ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦੇ ਚੈੱਕ ਉਹਨਾਂ ਦੇ ਪਰਿਵਾਰ ਦੇ ਸਪੁਰਦ ਜਲਦ ਕੀਤੇ ਜਾਣਗੇ। ਇਸ ਦਾ ਐਲਾਨ CM ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਰਾਹੀਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਦੋ ਧਿਰਾਂ ਵਿੱਚ ਝਗੜਾ ਚੱਲ ਰਿਹਾ ਸੀ। ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਕੋਟ ਮੁਹੰਮਦ ਖਾਂ ਵਿਖੇ ਪਹੁੰਚੇ। ਦੋਵਾਂ ਧਿਰਾਂ ਵਿਚਾਲੇ ਚੱਲ ਰਹੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਕੁਝ ਲੋਕਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ।ਗੰਭੀਰ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।
