ਦਲਜੀਤ ਕੌਰ
ਭਵਾਨੀਗੜ੍ਹ/ ਸੰਗਰੂਰ, 11 ਅਪ੍ਰੈਲ, 2025: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਸਬ ਡਵੀਜ਼ਨ ਅਧੀਨ ਆਉਂਦੇ ਪਿੰਡ ਰਾਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਦੇ ਨਾਲ ਨਾਲ ਬਲਿਆਲ ਦੇ ਸਰਕਾਰੀ ਹਾਈ ਸਕੂਲ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕਰਨ ਲਈ 40 ਲੱਖ ਰੁਪਏ ਗ੍ਰਾਂਟ ਵੱਜੋਂ ਜਾਰੀ ਕੀਤੇ ਗਏ ਹਨ ਜਿਸ ਨਾਲ ਬਕਾਇਆ ਕੰਮ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੂਲ ਨੂੰ ਸਕੂਲ ਆਫ ਹੈਪੀਨੈਸ ਐਲਾਨਿਆ ਗਿਆ ਹੈ ਅਤੇ ਇੱਥੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਰਾਮਪੁਰਾ ਵਿੱਚ 1.20 ਲੱਖ ਅਤੇ ਸਰਕਾਰੀ ਹਾਈ ਸਕੂਲ ਬਲਿਆਲ ਵਿੱਚ 3 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਮੁਕੰਮਲ ਤੌਰ ਤੇ ਸਫਾਇਆ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ। ਉਹਨਾਂ ਕਿਹਾ ਕਿ ਇਸ ਸਮਾਜਿਕ ਕੋਹੜ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਪੰਜਾਬ ਦੇ ਹਰੇਕ ਨਾਗਰਿਕ ਦਾ ਸਰਗਰਮ ਯੋਗਦਾਨ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਸਰਕਾਰ ਇਸ ਮਸਲੇ ਉੱਤੇ ਪੂਰੀ ਸਖਤੀ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਤੇ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਉੱਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਹਲਕਾ ਸੰਗਰੂਰ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਰਹੇ ਹਾਂ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਅਨੇਕਾਂ ਹੋਰ ਲੋਕ ਪੱਖੀ ਪ੍ਰੋਜੈਕਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਅਤੇ ਸਕੂਲ ਮੁਖੀਆਂ ਨੇ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
Published on: ਅਪ੍ਰੈਲ 11, 2025 8:55 ਬਾਃ ਦੁਃ