ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਪੰਜਾਬ

ਚੰਡੀਗੜ੍ਹ, 14 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਉਸਾਰੀ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਪਰੋਕਤ ਮੁਲਜ਼ਮ ਐਸਈ ਨੇ ਉਸਨੂੰ ਇਹ ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗਿਆ ਹੈ। ਰਿਸ਼ਵਤ ਲੈਣ ਸਬੰਧੀ ਕੀਤੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਉਪਰੋਕਤ ਐਸਈ ਸੰਜੇ ਕੰਵਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।