ਸਕੂਲਾਂ ’ਚ ਵੀ ਖਾਲੀ ਪਈਆਂ ਥਾਵਾਂ ’ਤੇ ਫਲ਼ ਤੇ ਸਬਜ਼ੀਆਂ ਤੋਂ ਇਲਾਵਾ ਹਰਬਲ ਤੇ ਮੈਡੀਸੀਨਲ ਗੁਣਾਂ ਵਾਲੇ ਪੌਦੇ ਲਗਾਏ ਜਾਣ
ਚੰਡੀਗੜ੍ਹ/ਜਲੰਧਰ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੋਸ਼ਣ ਸੁਰੱਖਿਆ ’ਤੇ ਜ਼ੋਰ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈਜ਼, ਸਿਹਤ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਜਿਥੇ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ ਉਥੇ ਬੱਚਿਆਂ ਦੀ ਸਿਹਤ ਨੂੰ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।
ਚੇਅਰਮੈਨ ਨੇ ਬੱਚਿਆਂ ਨੂੰ ਪੋਸ਼ਕ ਤੱਤਾਂ ਨਾਲ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਵਾਟਿਕਾ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਵੀ ਖਾਲੀ ਪਈਆਂ ਥਾਵਾਂ ਉੱਤੇ ਫਲ਼ ਤੇ ਸਬਜ਼ੀਆਂ ਦੇ ਨਾਲ-ਨਾਲ ਹਰਬਲ ਅਤੇ ਮੈਡੀਸੀਨਲ ਗੁਣਾਂ ਵਾਲੇ ਪੌਦੇ ਲਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਬੱਚਿਆਂ ਨੂੰ ਤਾਜ਼ਾ ਅਤੇ ਪੋਸ਼ਣਯੁਕਤ ਭੋਜਨ ਮਿਲ ਸਕੇ।
ਮਿਡ-ਡੇ ਮੀਲ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਸ਼ਰਮਾ ਨੇ ਬੱਚਿਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਰਾਸ਼ਨ ਦੇ ਢੁੱਕਵੇਂ ਰੱਖ-ਰਖਾਅ, ਖਾਣਾ ਤਿਆਰ ਕਰਨ ਸਮੇਂ ਸਾਫ਼-ਸਫਾਈ ਆਦਿ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਲਈ ਆਉਂਦੀ ਖੁਰਾਕ ਅਤੇ ਸਕੂਲਾਂ ਵਿੱਚ ਮਿਡ-ਡੇ ਮੀਲ ਦੇ ਰਾਸ਼ਨ ਦੀ ਢੁੱਕਵੀਂ ਸਟੋਰੇਜ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੁੱਕਾਂ, ਹੈਲਪਰਾਂ ਤੇ ਹੋਰ ਸਟਾਫ਼ ਨੂੰ ਸਾਫ-ਸਫਾਈ ਅਤੇ ਹੋਰ ਮਿਆਰਾਂ ਸਬੰਧੀ ਬਾਕਾਇਦਾ ਸਿਖ਼ਲਾਈ ਪ੍ਰਦਾਨ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਚੇਅਰਮੈਨ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਦਾ ਜਾਇਜ਼ਾ ਲੈਂਦਿਆਂ ਇਸਦਾ ਢੁੱਕਵਾਂ ਰਿਕਾਰਡ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਸ਼ਣ ਸੁਰੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 130683 ਵਿਦਿਆਰਥੀ ਮਿਡ-ਡੇ ਮੀਲ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਿਚਨ ਸ਼ੈੱਡ, ਗੈਸ ਕੁਨੈਕਸ਼ਨ, ਗੈਸ ਭੱਠੀਆਂ, ਅੱਗ ਬੁਝਾਉ ਯੰਤਰ ਆਦਿ ਮੌਜੂਦ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ਾਹਕੋਟ, ਜੋ ਕਿ ਐਸਪੀਰੇਸ਼ਨਲ ਬਲਾਕ ਵੀ ਹੈ, ਵਿਖੇ 30 ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਵਾਟਿਕਾ ਵਿਕਸਿਤ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 790 ਵਾਜਬ ਕੀਮਤ ਦੀਆਂ ਦੁਕਾਨਾਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 278856 ਰਾਸ਼ਨ ਕਾਰਡ ਧਾਰਕ ਅਤੇ ਕਰੀਬ 1254856 ਲਾਭਪਾਤਰੀ ਹਨ, ਜਿਨ੍ਹਾਂ ਨੂੰ ਰਾਸ਼ਨ ਡਿਪੂਆਂ ਰਾਹੀਂ ਕਣਕ ਦੀ ਵੰਡ ਕੀਤੀ ਜਾਂਦੀ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹਰਜਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Published on: ਅਪ੍ਰੈਲ 15, 2025 8:59 ਬਾਃ ਦੁਃ