ਮੋਹਾਲੀ: 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸਬੰਧੀ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਇਸ ਵਿਰੋਧ ਵਿੱਚ ਕਾਂਗਰਸੀ ਥਾਣੇ ਦੇ ਬਾਹਰ ਧਰਨਾ ਦੇ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚ ਗਏ ਹਨ।
ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਚੱਲ ਚੁੱਕੇ ਹਨ ਅਤੇ 32 ਬਚੇ ਹੋਏ ਹਨ। ਬਾਜਵਾ ਦੇ ਇਸ ਬਿਆਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਪੁਲਿਸ ਨੇ ਪਹਿਲਾਂ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਜਾ ਕੇ ਪੁੱਛਗਿੱਛ ਕੀਤੀ ਅਤੇ ਉਸ ਤੋਂ ਬਾਅਦ ਸ਼ਾਮ ਨੂੰ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਬਾਜਵਾ ਨੇ ਐਫਆਈਆਰ ਰੱਦ ਕਰਨ ਲਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਣ ਦੀ ਸੰਭਾਵਨਾ ਹੈ। ਬਾਜਵਾ ਦਾ ਕਹਿਣਾ ਹੈ ਕਿ ਸਿਆਸਤ ਕਾਰਨ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ।
ਉ਼ਧਰ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਵੀ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਹਨ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਇੱਥੇ ਪੁੱਜਣਗੇ। ‘ਆਪ’ ਨੇ ਨਾਅਰਾ ਦਿੱਤਾ-ਕਾਂਗਰਸ ਦਾ ਹੱਥ ਅੱਤਵਾਦੀਆਂ ਦੇ ਨਾਲ ਹੈ।
Published on: ਅਪ੍ਰੈਲ 15, 2025 2:43 ਬਾਃ ਦੁਃ