ਦਲਜੀਤ ਕੌਰ
ਭਵਾਨੀਗੜ੍ਹ/ਸੰਗਰੂਰ, 18 ਅਪ੍ਰੈਲ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਰਕਿਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਨੌਜਵਾਨ ਆਗੂ ਜਗਸੀਰ ਸਿੰਘ ਝਨੇੜੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ‘ਚ ਆਪਣਾ ਅਹੁਦਾ ਸੰਭਾਲਿਆ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈਆਂ ਦਿੱਤੀਆਂ ਅਤੇ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੇਅਰਮੈਨ ਝਨੇੜੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਰੀੜ ਦੀ ਹੱਡੀ ਸਮਝੀ ਜਾਂਦੀ ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਮਾਰਕਿਟ ਕਮੇਟੀ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਚੇਅਰਮੈਨ ਜਗਸੀਰ ਸਿੰਘ ਝਨੇੜੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖੇਤੀ ਨਾਲ ਸਬੰਧਤ ਹੋਰਨਾਂ ਵਰਗਾਂ ਦੀ ਭਲਾਈ ਲਈ ਡੱਟ ਕੇ ਕੰਮ ਕਰਨਗੇ ਅਤੇ ਇਸ ਕੰਮ ਲਈ ਜੇਕਰ ਕਿਤੇ ਵੀ ਉਨ੍ਹਾਂ ਦੀ ਲੋੜ ਪਈ ਤਾਂ ਉਹ ਵੀ ਹਰ ਸੰਭਵ ਮਦਦ ਕਰਨਗੇ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਅਤੇ ਕਿਸਾਨੀ ਦੀ ਬਿਹਤਰੀ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀਆਂ ਦੇ ਨਵ ਨਿਯੁਕਤ ਚੇਅਰਮੈਨ ਇਨ੍ਹਾਂ ਉਪਰਾਲਿਆਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਪੂਰੀ ਵਾਹ ਲਗਾਉਣਗੇ।
ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਚੇਅਰਮੈਨ ਜਗਸੀਰ ਸਿੰਘ ਝਨੇੜੀ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਅਹੁਦਿਆਂ ‘ਤੇ ਇਮਾਨਦਾਰ ਅਤੇ ਕੁਸ਼ਲ ਨੌਜਵਾਨਾਂ ਦੀ ਨਿਯੁਕਤੀ ਨਾਲ ਪੰਜਾਬ ਨੂੰ ਬੁਲੰਦੀਆਂ ‘ਤੇ ਲੈ ਕੇ ਜਾਣ ਵਾਲੀਆਂ ਪਹਿਲਕਦਮੀਆਂ ਨੂੰ ਹੋਰ ਬਲ ਮਿਲੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਡੀ.ਐਸ.ਪੀ. ਰਾਹੁਲ ਕੌਸ਼ਲ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਪਤਵੰਤੇ ਹਾਜ਼ਰ ਸਨ।
Published on: ਅਪ੍ਰੈਲ 18, 2025 8:13 ਬਾਃ ਦੁਃ