ਚੰਡੀਗੜ੍ਹ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ਵਿੱਚ ਵਾਧਾ ਕਰਨਾ ਸ਼ਾਮਲ ਹੈ ਤਾਂ ਜੋ ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਦੀ ਕਮੀ ਲਿਆਂਦੀ ਜਾ ਸਕੇ।
ਇਸ ਸੀਜ਼ਨ ਡੇਂਗੂ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ, “ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਸੀਐਚਸੀ, ਈਐਸਆਈ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੱਛਰਦਾਨੀਆਂ ਵਾਲੇ ਸਮਰਪਿਤ ਡੇਂਗੂ ਬੈੱਡ ਅਲਾਟ ਕੀਤੇ ਗਏ ਹਨ, ਜਦੋਂ ਕਿ 881 ਆਮ ਆਦਮੀ ਕਲੀਨਿਕਾਂ ਸਮੇਤ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਜਾਰੀ ਰਹੇਗਾ।”
ਅੱਜ ਇੱਥੇ ਪੰਜਾਬ ਭਵਨ ਵਿਖੇ ਵੈਕਟਰ ਬੋਰਨ ਬਿਮਾਰੀਆਂ ਬਾਰੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਨੂੰ 1 ਮਈ ਤੋਂ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨੂੰ ਕੰਟਰੋਲ ਕਰਨ ਲਈ ਠੋਸ ਰਣਨੀਤੀਆਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਅਤੇ ਸਾਰੇ ਭਾਈਵਾਲ ਵਿਭਾਗਾਂ ਨੂੰ ਆਪਣੇ ਯਤਨਾਂ ਵਿੱਚ ਵਾਧਾ ਕਰਨ ਅਤੇ ਇਨ੍ਹਾਂ ਵੈਕਟਰ ਬੋਰਨ ਬਿਮਾਰੀਆਂ ਨੂੰ ਰੋਕਣ ਲਈ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਇੱਕ ਅਹਿਮ ਕਦਮ ਨੂੰ ਉਜਾਗਰ ਕਰਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਡੇਂਗੂ ਪੰਜਾਬ ਵਿੱਚ ਇੱਕ ਸੂਚਿਤ ਬਿਮਾਰੀ ਹੈ ਅਤੇ ਸੂਬੇ ਭਰ ਵਿੱਚ ਨਿੱਜੀ ਹਸਪਤਾਲਾਂ ਅਤੇ ਲੈਬਾਂ ਵਿੱਚ ਡੇਂਗੂ ਟੈਸਟਿੰਗ ਦੀ ਕੀਮਤ 600 ਰੁਪਏ ਤੱਕ ਸੀਮਤ ਕੀਤੀ ਗਈ ਹੈ ਤਾਂ ਜੋ ਇਸ ਮਹੱਤਵਪੂਰਨ ਸੇਵਾ ਤੱਕ ਕਿਫਾਇਤੀ ਪਹੁੰਚ ਯਕੀਨੀ ਬਣਾਈ ਜਾ ਸਕੇ।
ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 50,000 ਨਰਸਿੰਗ ਸਟਾਫ ਅਤੇ 50,000 ਪੈਰਾ ਮੈਡੀਕਲ ਸਟਾਫ ਨੂੰ ਮੱਛਰ ਦੇ ਲਾਰਵੇ ਦੇ ਬ੍ਰੀਡਰ ਚੈਕਰ ਵਜੋਂ ਸਿਖਲਾਈ ਦਿੱਤੀ ਗਈ ਹੈ ਅਤੇ ਇਹ ਸਟਾਫ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲਾਰਵੇ, ਪ੍ਰਜਨਨ ਸਥਾਨਾਂ ਆਦਿ ਦੀ ਪਛਾਣ ਕਰਨ ਬਾਰੇ ਹੋਰ ਸਿਖਲਾਈ ਦੇਣਗੇ।
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਡੇਂਗੂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਜਨਤਕ ਸਿਹਤ ਦੀ ਸੁਰੱਖਿਆ ਲਈ ਡੇਂਗੂ ਅਤੇ ਮਲੇਰੀਆ ਦੋਵਾਂ ਨੂੰ ਕੰਟਰੋਲ ਕਰਨ ਲਈ ਠੋਸ ਯਤਨ ਕਰਨ ਦੀ ਹਦਾਇਤ ਕੀਤੀ।
‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਦੀ ਪ੍ਰਭਾਵਸ਼ੀਲਤਾ ਦੀ ਸ਼ਲਾਘਾ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ, “ਪਿਛਲੇ ਸਾਲ ਇਸ ਜਾਗਰੂਕਤਾ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਸਨ, ਜਿਸ ਤਹਿਤ ਡੇਂਗੂ ਦੇ ਮਾਮਲਿਆਂ ਵਿੱਚ 50 ਫ਼ੀਸਦ ਦੀ ਕਮੀ ਦੇਖੀ ਗਈ, ਜਦੋਂ ਕਿ ਡੇਂਗੂ ਨਾਲ ਸਬੰਧਤ ਮੌਤਾਂ ਵਿੱਚ 66 ਫ਼ੀਸਦ ਦੀ ਭਾਰੀ ਕਮੀ ਆਈ ਸੀ। ਇਸ ਤੋਂ ਇਲਾਵਾ 2024 ਵਿੱਚ ਮਲੇਰੀਆ ਨਾਲ ਸਬੰਧਤ ਕੋਈ ਮੌਤ ਨਹੀਂ ਹੋਈ ਸੀ।”
ਰੋਕਥਾਮ ਉਪਾਵਾਂ ਦਾ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪਾਂ ਲਗਾਏ ਜਾਣਗੇ ਜਿਸ ਵਿੱਚ ਸਕੂਲੀ ਬੱਚੇ ਅਤੇ ਅਧਿਆਪਕ ਸਰਗਰਮੀ ਨਾਲ ਸ਼ਾਮਲ ਹੋਣਗੇ। ਇਹਨਾਂ ਕੈਂਪ ਵਿੱਚ ਉਨ੍ਹਾਂ ਨੂੰ ਵੱਖ-ਵੱਖ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਦੇ ਕਦਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਸਕੂਲ ਅੰਦਰ, ਖਾਸ ਕਰਕੇ ਪਖਾਨਿਆਂ, ਮਿਡ-ਡੇਅ ਮੀਲ ਰਸੋਈ ਅਤੇ ਪਾਣੀ ਦੀਆਂ ਟੈਂਕੀਆਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਸਬੰਧੀ ਨਿਰਦੇਸ਼ ਵੀ ਦਿੱਤੇ।
ਇਸ ਪ੍ਰਭਾਵਸ਼ਾਲੀ ਜਾਣਕਾਰੀ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਲਈ ਡਾ. ਬਲਬੀਰ ਸਿੰਘ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਸ ਐਜੂਕੇਸ਼ਨ ਅਤੇ ਮੀਡੀਆ ਵਿੰਗ ਦੀਆਂ ਸੇਵਾਵਾਂ ਦੀ ਸਹਾਇਤਾ ਨਾਲ ਇੱਕ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਨਾਲ ਆਸ਼ਾ ਵਰਕਰਾਂ, ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀ ਦੇ ਮੈਂਬਰਾਂ ਅਤੇ ਹੋਰ ਭਾਈਵਾਲ ਵਿਭਾਗਾਂ ਨੂੰ ਸਿਹਤ ਸਬੰਧੀ ਵਿਸ਼ੇਸ਼ ਜਾਣਕਾਰੀ ਦੇਣਾ ਆਸਾਨ ਹੋ ਜਾਵੇਗਾ, ਜਿਸ ਨਾਲ ਸਰਕਾਰੀ ਪਹਿਲਕਦਮੀਆਂ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ।
ਡਾ. ਬਲਬੀਰ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤਾਂ ਜੋ ਮੱਛਰਾਂ ਦੇ ਪ੍ਰਜਨਨ ਨੂੰ ਸਰਗਰਮੀ ਨਾਲ ਰੋਕਿਆ ਜਾ ਸਕੇ। ਉਨ੍ਹਾਂ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਜਾਣ ਅਤੇ ਡੇਂਗੂ ਅਤੇ ਮਲੇਰੀਆ ਦੀ ਜਾਂਚ ਕਰਵਾਉਣ।
ਇੱਕ ਹੋਰ ਮਹੱਤਵਪੂਰਨ ਪਹਿਲੂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਪਾਣੀ ਦੀ ਸ਼ੁੱਧਤਾ ਲਈ ਲਗਾਏ ਗਏ ਕਿਸੇ ਵੀ ਖਰਾਬ ਰਿਵਰਸ ਓਸਮੋਸਿਸ (ਆਰਓ) ਸਿਸਟਮ ਨੂੰ ਤੁਰੰਤ ਠੀਕ ਕਰਨਾ ਯਕੀਨੀ ਬਣਾਉਣ। ਸਟੇਟ ਪ੍ਰੋਗਰਾਮ ਅਫਸਰ (ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ) ਡਾ. ਅਰਸ਼ਦੀਪ ਕੌਰ ਨੇ ਵੈਕਟਰ-ਬੋਰਨ ਬਿਮਾਰੀਆਂ ਨੂੰ ਰੋਕਣ ਲਈ ਕੀਤੇ ਗਏ ਕਾਰਜਾਂ ਬਾਰੇ ਸੰਖੇਪ ਜਾਣਕਾਰੀ ਅਤੇ ਸਿਹਤ ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਦੀ ਰੂਪ-ਰੇਖਾ ਪੇਸ਼ ਕੀਤੀ।
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਜਸਮਿੰਦਰ, ਡੀਆਰਐਮਈ ਡਾ. ਅਵਨੀਸ਼ ਕੁਮਾਰ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਰਾਜ ਆਵਾਜਾਈ, ਮੈਡੀਕਲ ਸਿੱਖਿਆ ਅਤੇ ਖੋਜ, ਸਕੂਲ ਸਿੱਖਿਆ, ਕਿਰਤ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਸੀਨੀਅਰ ਖੇਤਰੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਅਧਿਕਾਰੀ ਸ਼ਾਮਲ ਸਨ।
Published on: ਅਪ੍ਰੈਲ 26, 2025 9:18 ਬਾਃ ਦੁਃ