ਅੰਮ੍ਰਿਤਸਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਅਟਾਰੀ ਇਲਾਕੇ ਨੇੜਿਓਂ ਬਲਵੀਰ ਸਿੰਘ ਨਾਂ ਦੇ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 3 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਸ ਕਾਰਵਾਈ ਨੂੰ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਖੇਪ ਦੀ ਕੀਮਤ ਕਰੀਬ 21 ਕਰੋੜ ਰੁਪਏ ਹੈ।
ਸੂਤਰਾਂ ਅਨੁਸਾਰ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਭਰੋਸੇਮੰਦ ਖੁਫੀਆ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਅਟਾਰੀ ਇਲਾਕੇ ਦੇ ਆਸ-ਪਾਸ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਤਸਕਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ। ਤੁਰੰਤ ਕਾਰਵਾਈ ਕਰਦੇ ਹੋਏ ਟੀਮ ਨੇ ਇਲਾਕੇ ‘ਚ ਚੌਕਸੀ ਵਧਾ ਦਿੱਤੀ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ। ਬਲਵੀਰ ਸਿੰਘ ਨੂੰ ਘੇਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਬਰਾਮਦ ਹੋਈ।