ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਉਪਰਾਲੇ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੀਫ ਵਿੱਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਮੰਡੀ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਤਰਖਾਣਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੁਖਲੱਧੀ ਵਿਖੇ ਸਕੂਲ ਦੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਅੰਤਰਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।
ਇਸ ਦੌਰਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੱਕਾਰੀ ਮੁਕਾਬਲੇਬਾਜ਼ੀ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਕੀਤੇ ਜਾ ਰਹੇ ਇਨ੍ਹਾਂ ਵਿਕਾਸ ਕਾਰਜਾਂ ਤੇ ਸੁਧਾਰਾਂ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।
Published on: ਅਪ੍ਰੈਲ 30, 2025 4:23 ਬਾਃ ਦੁਃ