ਸ੍ਰੀ ਮੁਕਤਸਰ ਸਾਹਿਬ 2 ਮਈ,ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਜਿ਼ਲ੍ਹਾ ਪੱਧਰੀ ਪ੍ਰੋਗਰਾਮ 3 ਮਈ, 2025 ਨੂੰ ਗਰੀਨ ਸੀ ਰਿਜ਼ੋਰਟ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕਰਵਾਇਆ ਜਾ ਰਿਹਾ ਹੈ।
ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਣ ਲਈ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।
ਮੀਟਿੰਗ ਵਿੱਚ ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਪੁਨੀਤ ਸ਼ਰਮਾ ਮੁੱਖ ਮੰਤਰੀ ਖੇਤਰੀ ਅਫਸਰ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸ੍ਰੀ ਥਿੰਦ ਨੇ ਦੱਸਿਆ ਕਿ ਜਿ਼ਲ੍ਹਾ ਪੱਧਰੀ ਸਮਾਗਮ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ, ਜਿਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹਨਾਂ ਕਮੇਟੀਆਂ ਦੇ ਮੈਂਬਰ ਸਾਹਿਬਾਨਾਂ ਵੱਲੋਂ ਆਪਣੇ ਪਿਡਾਂ ਅਤੇ ਵਾਰਡਾਂ ਵਿੱਚ ਰੈਲੀਆਂ ਦੇ ਰੂਪ ਵਿੱਚ ਨਸ਼ਿਆਂ ਵਰਗੀ ਲਾਅਨਤ ਤੋਂ ਦੂਰ ਰਹਿਣ ਦਾ ਹਰ ਘਰ ਸੁਨੇਹਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਿਰੋਗ ਜਿੰਦਗੀ ਜਿਉਣ ਲਈ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਮੁੜ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਾਰਗਰ ਸਾਬਿਤ ਹੋਵੇਗੀ।
ਉਹਨਾਂ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 3 ਮਈ ਦੇ ਜਿ਼ਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਹਦਾਇਤ ਕੀਤੀ । ਉਹਨਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਖਿਲਾਫ ਰਾਜ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਮੱਠ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਦੀ ਇਹ ਨੈਤਿਕ ਜਿੰਮੇਵਾਰੀ ਹੈ ਕਿ ਨਸ਼ਿਆਂ ਵਰਗੀ ਭੈੜੀ ਬਿਮਾਰੀ ਤੋਂ ਦੂਰ ਰਹਿਣ ਲਈ ਆਪਣੇ ਆਲੇ ਦੁਆਲੇ ਹਰੇਕ ਵਿਅਕਤੀ ਨੂੰ ਜਾਗਰੂਕ ਕਰਨ।
ਉਹਨਾਂ ਕਿਹਾ ਕਿ ਜਿ਼ਲ੍ਹੇ ਵਿੱਚ ਜੇਕਰ ਕੋਈ ਵਿਅਕਤੀ ਨਸ਼ਾ ਪੀੜਤ ਹੈ ਤਾਂ ਉਸ ਨੂੰ ਸਮਾਜਿਕ ਡਰ ਜਾਂ ਸ਼ਰਮ ਛੱਡ ਕੇ ਆਪਣਾ ਇਲਾਜ ਕਰਵਾਉਣ ਲਈ ਜਰੂਰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਪ੍ਰਸ਼ਾਸਨ ਅਤੇ ਪੁਲਿਸ ਨੇ ਇਲਾਜ ਸੁਵਿਧਾਵਾਂ ਪੱਖੋਂ ਬਿਹਤਰੀਨ ਪ੍ਰਬੰਧ ਕੀਤੇ ਹੋਏ ਹਨ।
ਉਹਨਾਂ ਦੱਸਿਆ ਕਿ ਹਰੇਕ ਵਿਭਾਗ ਦੇ ਅਧਿਕਾਰੀ ਆਪਣੇ ਦਫਤਰਾਂ ਵਿੱਚ 3 ਮਈ, 2025 ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦਾ ਪ੍ਰਣ ਵੀ ਲੈਣਗੇ। ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਰੀ ਨਾਲ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ ।

ਜ਼ਿਲ੍ਹਾ ਪੱਧਰੀ “ਯੁੱਧ ਨਸ਼ਿਆਂ ਵਿਰੁੱਧ” ਸਮਾਗਮ ਸ੍ਰੀ ਮੁਕਤਸਰ ਸਾਹਿਬ ਵਿਖੇ 3 ਮਈ ਨੂੰ
Published on: May 2, 2025 2:25 pm