ਤਰਨਤਾਰਨ, 2 ਮਈ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਘਟਨਾ ਵਿੱਚ ਅੱਧਾ ਦਰਜਨ ਤੋਂ ਵੱਧ ਯਾਤਰੀ ਅਤੇ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ।
ਪੱਟੀ ਡਿਪੂ ਦੇ ਬੱਸ ਡਰਾਈਵਰ ਰਣਧੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਲੈ ਕੇ ਨੇੜਲੇ ਪਿੰਡ ਸ਼ਹਾਬਪੁਰ ਪਹੁੰਚਿਆ ਤਾਂ ਉਸਨੇ ਸੜਕ ਦੇ ਵਿਚਕਾਰ ਡਿੱਗੇ ਇੱਕ ਦਰੱਖਤ ਤੋਂ ਬੱਸ ਨੂੰ ਬਚਾਉਣ ਲਈ ਬ੍ਰੇਕ ਲਗਾਈ, ਪਰ ਬ੍ਰੇਕਾਂ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ਗਈ।
ਇਸ ਦੌਰਾਨ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੇ ਅੱਧੀ ਦਰਜਨ ਤੋਂ ਵੱਧ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਵਿੱਚੋਂ ਕਈਆਂ ਨੂੰ ਛੁੱਟੀ ਵੀ ਦੇ ਦਿੱਤੀ ਗਈ ਹੈ।
