ਚੰਡੀਗੜ੍ਹ/ਨੰਗਲ, 2 ਮਈ: ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿਨ-ਰਾਤ ਡੈਮ ਦੀ ਰਾਖੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਅਪਡੇਟ ਵੀ ਲਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੇ ਅੱਜ ਲਗਾਤਾਰ ਦੂਜੇ ਦਿਨ ਡੈਮ ਦਾ ਦੌਰਾ ਕੀਤਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਸਾਂਝੀ ਨਹੀਂ ਕਰੇਗੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੇ ਕਦਮ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ‘ਆਪ’ ਵਰਕਰ ਸਿਪਾਹੀਆਂ ਵਾਂਗ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਦੇ ਨੰਗਲ ਡੈਮ ਅਤੇ ਨੱਕੀਆਂ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਹੋਰ ਸੂਬੇ ਨੂੰ ਵਾਧੂ ਪਾਣੀ ਨਾ ਛੱਡਣ।
ਸ. ਬੈਂਸ ਨੇ ਕੇਂਦਰ ਵੱਲੋਂ ਹਰਿਆਣਾ ਨੂੰ 8,500 ਕਿਊਸਿਕ ਵਾਧੂ ਪਾਣੀ ਅਲਾਟ ਕਰਨ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪੰਜਾਬ ਨਾਲ ਸਰਾਸਰ ਧੋਖਾ ਹੈ।
ਪੰਜਾਬ ਦੀ ਖੇਤੀਬਾੜੀ ‘ਤੇ ਨਿਰਭਰਤਾ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਦੇ ਮੱਦੇਨਜ਼ਰ ਫਸਲਾਂ ਲਈ ਪਾਣੀ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਸ. ਬੈਂਸ ਨੇ ਕਿਹਾ, “ਪਾਣੀ ਸਾਡੀ ਜੀਵਨ ਰੇਖਾ ਹੈ, ਅਤੇ ਅਸੀਂ ਇਸ ਦੀ ਪੂਰੀ ਦ੍ਰਿੜਤਾ ਨਾਲ ਰੱਖਿਆ ਕਰਾਂਗੇ। ਭਾਖੜਾ ਡੈਮ ਸਾਡੇ ਖੇਤਰ ਵਿੱਚ ਹੋਣ ਅਤੇ ਇੱਥੋਂ ਨਹਿਰਾਂ ਨਿਕਲਣ ਦੇ ਬਾਵਜੂਦ, ਸਾਡੇ ਪਿੰਡਾਂ ਤੱਕ ਪਾਣੀ ਦੀ ਸੁਚੱਜੀ ਪਹੁੰਚ ਨਹੀਂ ਹੈ। ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ, ਦੂਜੇ ਸੂਬਿਆਂ ਨੂੰ ਪਾਣੀ ਦੇਣ ਬਾਰੇ ਸੋਚਣਾ ਵੀ ਅਸੰਭਵ ਹੈ।” ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਅਤੇ ਹੁਣ ਭਾਜਪਾ ਦੇ ਸੱਤਾਧਾਰੀ ਸੂਬੇ ਵੀ ਇਸੇ ਰਾਹ ‘ਤੇ ਚੱਲ ਰਹੇ ਹਨ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਮੌਨਸੂਨ ਸੀਜ਼ਨ ਦੌਰਾਨ ਪਾਣੀ ਵਾਧੂ ਸੀ, ਤਾਂ ਹਰਿਆਣਾ ਅਤੇ ਰਾਜਸਥਾਨ ਨੇ ਇਸਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ, ਝੋਨੇ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਨਾਲ, ਪੰਜਾਬ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦਾ। ਉਨ੍ਹਾਂ ਨੇ ਸਿੰਜਾਈ ਲਈ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਯਤਨਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਲਈ ਸਾਰਥਰ ਸਕੀਮ ਅਤੇ ਅਰਧ-ਪਹਾੜੀ ਖੇਤਰਾਂ ਲਈ ਪਾਈਪਲਾਈਨ ਪ੍ਰਾਜੈਕਟ ਸ਼ਾਮਲ ਹਨ, ਜਿਸ ਨਾਲ ਲਗਭਗ 10,000 ਪਿੰਡਾਂ ਨੂੰ ਲਾਭ ਮਿਲ ਰਿਹਾ ਹੈ।
ਇਸ ਦੌਰਾਨ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਹੁਣ ਆਪਣੇ ਹੱਕਾਂ ਲਈ ਡੱਟ ਕੇ ਜੰਗ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।