ਮਾਨਸਾ, 03 ਮਈ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਅੱਜ ਜਿ਼ਲ੍ਹੇ ਦੇ ਸਾਰੇ 247 ਪਿੰਡਾਂ ਦੇ ਨਸਿ਼ਆਂ ਖਿਲਾਫ ਝੰਡਾ ਬੁਲੰਦ ਕਰਨ ਵਾਲੇ ਪਹਿਰੇਦਾਰਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਚੀਮਾ ਨੇ ਬੋਲੇ ਸੋ ਨਿਹਾਲ ਦਾ ਜੈਕਾਰਾ ਬੁਲੰਦ ਕਰਕੇ ਨਸਿ਼ਆਂ ਖਿਲਾਫ ਸਹੁੰ ਚੁਕਾਈ।
ਇਸ ਮੌਕੇ ਸਥਾਨਕ ਜਵਾਹਰਕੇ ਹੋਡ *ਤੇ ਇਕ ਨਿੱਜੀ ਪੈਲੇਸ ਵਿਚ ਲੋਕਾਂ ਦੀ ਪ੍ਰਭਾਵਸ਼ਾਲੀ ਇਕੱਤਰਤਾ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਨਸ਼ੇ ਦੇ ਕਾਰੋਬਾਰ ਦੇ ਫੈਲਾਅ ਦਾ ਠੀਕਰਾ ਪਹਿਲਾਂ ਰਾਜਭਾਗ ਕਰ ਚੁੱਕੀਆਂ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਸਿਰ ਭੰਨਿਆ ਜੋ ਧਰਮ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਨਸ਼ੇ ਦਾ ਵਗ ਰਿਹਾ ਛੇਵਾਂ ਦਰਿਆ ਮੁਕੰਮਲ ਤੌਰ *ਤੇ ਸੁੱਕਣ ਦੇ ਕੰਢੇ ਆ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਉਨ੍ਹਾਂ ਲੋਕਾਂ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਹਰ ਪਿੰਡ, ਹਰ ਘਰ ਅਤੇ ਮੁਹੱਲੇ *ਚੋਂ ਹੋ ਕੇ ਸਰਕਾਰ ਦੀ ਇਸ ਮੁਹਿੰਮ ਦਾ ਮੋਢੇ ਨਾਲ ਮੋਢਾ ਜੋੜ ਕੇ ਇਸ ਯੁੱਧ ਵਿਚ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਸਾਡੇ ਲੋਕ ਨਸ਼ੇ ਖਿਲਾਫ ਸ਼ੁਰੂ ਕੀਤੀ ਇਸ ਜੰਗ ਵਿਚ ਵੀ ਡਟ ਕੇ ਸਾਥ ਦੇਣਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਨਸ਼ਾ ਤਸਕਰਾਂ ਨੂੰ ਨਾ ਤਾਂ ਲੀਡਰਾਂ ਦੀ ਸ਼ੈਅ ਹੈ ਅਤੇ ਨਾ ਹੀ ਪੁਲਿਸ ਦੀ। ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਘਰ ਦਾ ਵਾਸੀ ਚਹੁੰਦਾ ਸੀ ਕਿ ਪੰਜਾਬ ਨਸ਼ਾ ਮੁਕਤ ਹੋਵੇ, ਜਿਸ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਪ੍ਰਣ ਲੈਂਦਿਆਂ ਨਸ਼ੇ ਖਿਲਾਫ਼ ਵੱਡੀ ਜੰਗ ਸ਼ੁਰੂ ਕਰਕੇ ਅਮਲੀ ਰੂਪ ਦਿੱਤਾ ਹੈ।ਮੁੱਖ ਮੰਤਰੀ ਸਾਹਿਬ ਪਿਛਲੇ ਤਿੰਨ ਸਾਲ ਤੋਂ ਪੰਜਾਬ ਦੀ ਭਲਾਈ ਲਈ ਸ਼ਲਾਘਾਯੋਗ ਫੈਸਲੇ ਲੈ ਰਹੇ ਹਨ ਚਾਹੇ ਉਹ ਨਸ਼ੇ ਦਾ ਖ਼ਾਤਮਾ ਹੋਵੇ ਚਾਹੇ ਨੌਕਰੀਆਂ ਦੀ ਗੱਲ ਹੋਵੇ, ਸੂਬਾ ਸਰਕਾਰ ਇਸ ਦੇ ਲਈ ਸਿਰਤੋੜ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਪਿਆਰ ਨਾਲ ਸਮਝਾਓ, ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰੋ ਅਤੇ ਨਸ਼ਾ ਛੁਡਾਉ ਕੇਂਦਰਾਂ *ਚ ਲੈ ਕੇ ਆਓ।ਇਸ ਦੇ ਲਈ ਜਿ਼ਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਨਾਲ ਰਾਬਤਾ ਕਰੋ।ਨਸ਼ੇ ਤੋਂ ਪੀੜਤ ਹਰ ਵਿਅਕਤੀ ਦਾ ਇਲਾਜ਼ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ ਤਾਂ ਜੋ ਕਿਸੇ ਕਾਰਨ ਭਟਕੇ ਨੌਜਵਾਨਾਂ ਨੂੰ ਸਹੀ ਰਾਹ *ਤੇ ਲਿਆਂਦਾ ਜਾ ਸਕੇ ਅਤੇ ਇਹ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਡਟ ਕੇ ਖੜ੍ਹੀ ਹੈ।ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇਕੱਲੇ ਵਿਕਅਤੀ ਦੀ ਨਹੀਂ ਬਲਕਿ ਇਸ ਵਿਚ ਹਰ ਪਿੰਡ ਸ਼ਹਿਰ ਵਾਸੀ ਯੋਗਦਾਨ ਪਾਵੇ। ਪਿੰਡ ਦੇ ਪਿੰਡ ਇਕਜੁਟ ਹੋ ਕੇ ਇਸ ਮੁਹਿੰਮ ਵਿਚ ਡਟਣ। ਉਨ੍ਹਾਂ ਕਿਹਾ ਕਿ ਇਸੇ ਮਕਸਦ ਲਈ ਹਰ ਪਿੰਡ ਵਿਚ ਵਿਲੇਜ਼ ਡਿਫੈਂਸ ਕਮੇਟੀ ਬਣਾਈ ਗਈ ਹੈ ਅਤੇ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਕੀਤੀ ਜਾਣੀ ਹੈ ਤੇ ਸਭਾਵਾਂ ਕੀਤੀਆਂ ਜਾਣੀਆਂ ਹਨ, ਜਿਸ ਵਿਚ ਹਰ ਸਰਪੰਚ, ਪੰਚ, ਨੰਬਰਦਾਰ, ਆਸ਼ਾ ਅਤੇ ਹੋਰ ਮੋਹਤਬਰ ਵਿਅਕਤੀ ਪੂਰਾ ਸਹਿਯੋਗ ਕਰਨ।
ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਸਰਹੱਦੀ ਇਲਾਕਿਆਂ *ਚ ਵੀ ਨਸ਼ੇ ਦੀ ਸਪਲਾਈ ਚੇਨ ਨੂੰ ਨੱਥ ਪਈ ਹੈ।ਸੂਬਾ ਸਰਕਾਰ ਨੇ ਨਸ਼ੇ ਦੇ ਵਪਾਰੀਆਂ ਦੀ ਜਾਇਦਾਦ *ਤੇ ਪੀਲਾ ਪੰਜਾ ਚਲਾਉਣ ਦਾ ਤਹੱਈਆ ਕੀਤਾ ਹੈ।ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਰਲ ਕੇ ਨਸ਼ੇ ਦਾ ਲੱਕ ਤੋੜਨ ਵਿਚ ਸਰਕਾਰ ਦਾ ਸਹਿਯੋਗ ਕਰੀਏ ਅਤੇ ਪੰਜਾਬ ਦੀ ਜਵਾਨੀ ਨੂੰ ਮੁੜ ਪੈਰਾਂ ਸਿਰ ਕਰੀਏ।ਉਨ੍ਹਾਂ ਕਿਹਾ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦਈਏ, ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰਾਂ *ਤੇ ਸਖ਼ਤ ਕਾਰਵਾਈ ਹੋਵੇਗੀ।
ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਨੂੰ ਨਸਿ਼ਆਂ ਦਾ ਛੇਵਾਂ ਦਰਿਆ ਕਿਹਾ ਜਾਣਾ ਸਾਡੇੇ ਲਈ ਬਹੁਤ ਸ਼ਰਮਨਾਕ ਗੱਲ ਸੀ ਜਿਸ ਦੇ ਲਈ ਵੱਡਾ ਤਹੱਈਆ ਕਰਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਨਸ਼ੇ ਤੋਂ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਤਰਾਸਦੀ ਬਾਰੇ ਸੋਚਦਿਆਂ ਨਸ਼ੇ ਖਿਲਾਫ ਜੰਗ ਸ਼ੁਰੂ ਕੀਤੀ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਕਿਹਾ ਕਿ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਮਤੇ ਪਾਏ ਹਨ ਕਿ ਉਹ ਨਸ਼ੇ ਦਾ ਵਪਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਸਪੋਰਟ ਨਹੀਂ ਕਰਨਗੇ ਬਲਕਿ ਉਸ ਖਿਲਾਫ਼ ਲਾਮਬੰਦ ਹੋਣ ਲਈ ਪਾਬੰਦ ਰਹਿਣਗੇ।ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ਼ ਲੋਕ ਲਹਿਰ ਬਣ ਚੁੱਕੀ ਹੈ ਅਤੇ ਪੰਜਾਬ ਵਿਚ ਹੁਣ ਨਸ਼ਾ ਅਤੇ ਨਸ਼ੇ ਦੇ ਵਪਾਰੀ ਨਹੀਂ ਰਹਿਣ ਦਿੱਤੇ ਜਾਣਗੇ।
ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕੋਈ ਵੀ ਨੌਜਵਾਨ ਜੋ ਨਸ਼ਾ ਛੱਡਣਾ ਚਾਹੁੰਦਾ ਉਸ ਦਾ ਇਲਾਜ਼ ਤਾਂ ਕਰਵਾਇਆ ਹੀ ਜਾਵੇਗਾ ਬਲਕਿ ਉਸ ਦੇ ਕਾਰੋਬਾਰ ਲਈ ਜਾਂ ਉਸ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਵੀ ਸਹਾਇਤਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਨਸ਼ੇ ਦੇ ਵਪਾਰੀ ਕਿਸੇ ਦੇ ਸਕੇ ਨਹੀਂ ਹੁੰਦੇ। ਆਪਣੇ ਬੱਚਿਆਂ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਯੁੱਧ ਨਸਿ਼ਆਂ ਵਿਰੁੱਧ ਵਿਚ ਹਰ ਇਕ ਨਾਗਰਿਕ ਨੂੰ ਡਟ ਕੇ ਸਾਥ ਦੇਣ ਦੀ ਲੋੜ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਵਿਚ ਪੂਰੀ ਤਰ੍ਹਾਂ ਸਰਗਰਮ ਹੈ।ਨਸਿ਼ਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ਼ ਕਰਵਾਉਣ ਲਈ ਜਿ਼ਲ੍ਹੇ ਅੰਦਰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਅਤੇ ਓਟ ਸੈਂਟਰ ਚਲਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਦੋਂ ਤੋਂ ਇੰਨਾਂ ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਹ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾ ਰਿਹਾ ਹੈ।
ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 222 ਮੁਕੱਦਮੇ ਦਰਜ਼ ਕਰਕੇ 338 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਕੇ ਬਣਾਈਆਂ 03 ਗ਼ੈਰ ਕਾਨੂੰਨੀ ਪ੍ਰਾਪਰਟੀਆਂ *ਤੇੇ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੀਲਾ ਪੰਜਾ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਵਿਚ ਪੰਜਾਬ ਪੁਲਿਸ ਨਸਿ਼ਆਂ ਖਿਲਾਫ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿ਼ਆ ਨਹੀਂ ਜਾਵੇਗਾ।
ਇਸ ਮੌਕੇ ਕੋਆਰਡੀਨੇਟਰ ਮਾਲਵਾ (ਵੈਸਟ) ਚੁਸ਼ਪਿੰਦਰਬੀਰ ਚਹਿਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਬਲਵੰਤ ਭੀਖੀ ਤੋਂ ਇਲਾਵਾ ਸਮੂਹ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ।

ਨਸ਼ਿਆਂ ਦਾ ਲੱਕ ਟੁੱਟਣ ਕਿਨਾਰੇ: ਹਰਪਾਲ ਚੀਮਾ
Published on: May 3, 2025 5:38 pm