ਚੰਡੀਗੜ੍ਹ, 4 ਮਈ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ।ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ ਅਤੇ ਇਹ ਹੁਣ ਲੋਕ ਲਹਿਰ ਬਣ ਗਈ ਹੈ।
ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਵੱਖੋ-ਵੱਖ ਥਾਵਾਂ ਉਤੇ ਨਸ਼ਿਆਂ ਖਿਲਾਫ ਜਾਗਰੂਕ ਮੀਟਿੰਗਾਂ ਵਿੱਚ ਸ਼ਿਰਕਤ ਕਰਦਿਆਂ ਜ਼ੋਰ ਨਾਲ ਕਿਹਾ ਗਿਆ ਕਿ ਮਾਨ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।
ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ, ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਭਗਤ ਸਿੰਘ ਨਗਰ, ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਠਾਨਕੋਟ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਵਜੋਤ ਸਿੰਘ ਨੇ ਪਠਾਨਕੋਟ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਗੁਰਦਾਸਪੁਰ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੰਮ੍ਰਿਤਸਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌੰਦ ਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਮਾਲੇਰਕੋਟਲਾ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਮੰਤਰੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਪੰਜਾਬ ਨੂੰ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ‘ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ ‘ਚੋਂ ਹੋਵੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀਂ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਪੰਜਾਬ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਮੁੱਦੇ ‘ਤੇ ਲਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੂੰ ਪਾਣੀਆਂ ਦਾ ਅਸਲ ਰਾਖਾ ਕਰਾਰ ਦਿੱਤਾ।
———