ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

Published on: May 8, 2025 7:35 pm

ਪੰਜਾਬ

ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ

ਨੰਗਲ (ਰੂਪਨਗਰ), 8 ਮਈ
, ਦੇਸ਼ ਕਲਿੱਕ ਬਿਓਰੋ :
  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖਿਲਾਫ਼ ਜੰਗ ਲੜ ਰਿਹਾ ਹੈ ਅਤੇ ਦੂਜੇ ਪਾਸੇ ਆਪਣੇ ਪਾਣੀਆਂ ਦੀ ਰਾਖੀ ਲਈ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰਾਂ ਦੇ ਖਿਲਾਫ ਲੜਾਈ ਲੜ ਰਿਹਾ ਹੈ।  
ਮੁੱਖ ਮੰਤਰੀ ਨੇ ਅੱਜ ਫੇਰ ਨੰਗਲ ਪਹੁੰਚ ਕੇ ਪਾਣੀਆਂ ਨੂੰ ਬਚਾਉਣ ਦੇ ਮੋਰਚੇ ਦੀ ਕਮਾਨ ਖੁਦ ਸੰਭਾਲੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੀ.ਬੀ.ਐਮ.ਬੀ. ਦਾ ਚੇਅਰਮੈਨ ਪੰਜਾਬ ਦੇ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦੇ ਸਕੇ। ਇਸ ਮੌਕੇ ਮੁੱਖ ਮੰਤਰੀ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਹਲਕਾ ਵਿਧਾਇਕ ਵੀ ਹਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਕਰ ਸਕਦੇ ਹਨ ਤਾਂ ਉਹ ਆਪਣੇ ਪਾਣੀਆਂ ਦੀ ਰਾਖੀ ਕਰਨ ਦੇ ਵੀ ਸਮਰੱਥ ਹੈ। ਭਗਵੰਤ ਸਿੰਘ ਮਾਨ, “ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਕਟ ਦੇ ਸਮੇਂ ਘਟੀਆ ਖੇਡਾਂ ਖੇਡ ਰਹੀ ਹੈ ਜਦੋਂ ਕਿ ਅਜਿਹੇ ਸਮੇਂ ਮੁਲਕ ਨੂੰ ਇਕ-ਦੂਜੇ ਨਾਲ ਮਿਲ ਕੇ ਦੁਸ਼ਮਣ ਦੇ ਖਿਲਾਫ਼ ਲੜਨਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਪੂਰੇ ਦੇਸ਼ ਵਿੱਚ ਪਾਕਿਸਤਾਨ ਵਿਰੁੱਧ ਲੜਾਈ ਦੀ ਰਣਨੀਤੀ ਦੇ ਹਿੱਸੇ ਵਜੋਂ ਬਲੈਕਆਊਟ ਲਈ ਸਾਇਰਨ ਵਜਾਏ ਜਾ ਰਹੇ ਹਨ ਤਾਂ ਅਜਿਹੇ ਸਮੇਂ ਭਾਜਪਾ ਪੰਜਾਬ ਨਾਲ ਘਟੀਆ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਸ਼ਰਮਨਾਕ ਹੈ ਕਿ ਭਾਜਪਾ ਸੰਕਟ ਦੀ ਘੜੀ ਵਿੱਚ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਮੁਸੀਬਤ ’ਚੋਂ ਮੌਕਾ ਲੱਭ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕਦੇ ਵੀ ਭਾਜਪਾ ਦੇ ਨਾਪਾਕ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗਾ ਅਤੇ ਕਿਸੇ ਹੋਰ ਸੂਬੇ ਨਾਲ ਇੱਕ ਬੂੰਦ ਵੀ ਪਾਣੀ ਸਾਂਝਾ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਸੂਬੇ ਤੋਂ ਪਾਣੀ ਚੋਰੀ ਕਰਨ ਲਈ ਕਾਹਲੇ ਹਨ ਜਦੋਂ ਕਿ ਹਰਿਆਣਾ ਪੂਰੇ ਸਾਲ ਤੋਂ 4000 ਕਿਊਸਿਕ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਪੰਜਾਬ ਨੂੰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨੀ ਚਾਹੀਦੀ ਹੈ ਜਾਂ ਉਨ੍ਹਾਂ ਨੂੰ ਪਾਣੀਆਂ ਦੀ ਰਾਖੀ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਸਰਕਾਰ ਦੀ ਚੌਕਸੀ ਕਾਰਨ ਬੀ.ਬੀ.ਐਮ.ਬੀ. ਅਤੇ ਹਰਿਆਣਾ ਵੱਲੋਂ ਪਾਣੀ ਦੀ ਚੋਰੀ ਨੂੰ ਰੋਕਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੀ.ਬੀ.ਐਮ.ਬੀ. ਅਤੇ ਪਾਣੀਆਂ ਦੀ ਵੰਡ ਬਾਰੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਰਾਖੀ ਦੀ ਲੜਾਈ ਸਿਆਸੀ ਅਤੇ ਕਾਨੂੰਨੀ ਫਰੰਟ ‘ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਚੇਅਰਮੈਨ ਨੇ ਸੂਬੇ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦਾ ਡਟ ਕੇ ਵਿਰੋਧ ਕਰੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਸਮਰੱਥ ਹੈ, ਤਾਂ ਇਹ ਪੰਜਾਬ ਦੇ ਪਾਣੀਆਂ ਨੂੰ ਵੀ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਲਗਦੀ ਹੈ ਜਿਸ ਦੀ ਰਾਖੀ ਲਈ ਪੰਜਾਬੀਆਂ ਵੱਲੋਂ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜਵਾਂ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾਲ ਸਲਾਹ ਕੀਤੇ ਬਿਨਾਂ ਅੱਧੀ ਰਾਤ ਨੂੰ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ ਅਤੇ ਦੂਜੇ ਸੂਬਿਆਂ ਦੇ ਦਬਾਅ ਹੇਠ ਪੰਜਾਬ ਦਾ ਬਣਦਾ ਹਿੱਸਾ ਵੀ ਖੋਹਿਆ ਜਾ ਰਿਹਾ ਹੈ।
ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਨਵਾਂ ਸੰਵਿਧਾਨ ਬਣਾ ਕੇ ਇਸ ਦੇ ਪੁਨਰਗਠਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਕਾਰ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਦੂਜੇ ਸੂਬਿਆਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਜਦਕਿ ਇਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਭਾਰਤੀ ਜਨਤਾ ਪਾਰਟੀ, ਹਰਿਆਣਾ ਕੇ ਕੇਂਦਰ ਦੀਆਂ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਬੀ.ਬੀ.ਐਮ.ਬੀ. ਦੀਆਂ ਮੀਟਿੰਗਾਂ ਬੁਲਾ ਕੇ ਪੰਜਾਬ ਦੇ ਪਾਣੀਆਂ ਨੂੰ ਜ਼ਬਰਦਸਤੀ ਹਰਿਆਣਾ ਵੱਲ ਮੋੜਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੀ ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ ਜੋ ਕਿ ਅਤਿ ਨਿੰਦਣਯੋਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਵਿੱਚ ਅੱਤਵਾਦੀ ਕੈਂਪਾਂ ਨੂੰ ਤਬਾਹ ਕਰਕੇ ਪਾਕਿਸਤਾਨ ਦੀਆਂ ਭਾਰਤ ਵਿਰੋਧੀ ਕਾਰਵਾਈਆਂ ਨੂੰ ਖਤਮ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਭਾਰਤੀ ਫੌਜ ਨੇ ਪਾਕਿਸਤਾਨ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਕੇਂਦਰਾਂ ਨੂੰ ਤਬਾਹ ਕਰ ਦਿੱਤਾ ਹੈ, ਦੂਜੇ ਪਾਸੇ ਸਰਹੱਦ ਪਾਰ ਤੋਂ ਬੰਬਾਰੀ ਦੌਰਾਨ ਦੁਸ਼ਮਣ ਵੱਲੋਂ ਸਾਡੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਬਹਾਦਰ ਹਨ ਜੋ ਦੇਸ਼ ਲਈ ਕੁਝ ਵੀ ਕਰ ਸਕਦੇ ਹਨ ਪਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਰੁੱਧ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ ਜੋ ਬਹੁਤ ਮੰਦਭਾਗੀ ਗੱਲ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।