ਮਾਨਸਾ , 9 ਮਈ, ਦੇਸ਼ ਕਲਿੱਕ ਬਿਓਰੋ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਡੇਂਗੂ ਤੋਂ ਬਚਾਅ ਲਈ ‘ਐਂਟੀ ਡੇਂਗੂ ਕੈਂਪੇਨ’ ਤਹਿਤ ਹਰ ਸ਼ੁੱਕਰਵਾਰ ਨੂੰ ‘ਡੇਂਗੂ ‘ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਅੱਜ 9 ਮਈ 2025 ਤੋਂ ਲੈ ਕੇ ਦਸੰਬਰ 2025 ਤੱਕ ਚੱਲੇਗੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ‘ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ, ਜਿਸ ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ।
ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ, ਏ.ਐੱਮ.ਓ. ਸ੍ਰੀ ਰਾਜ ਕੁਮਾਰ ਅਤੇ ਕਮਲਜੀਤ ਸਿੰਘ ਦੀ ਨਿਗਰਾਨੀ ਹੇਠ ਸਿਹਤ ਕਰਮਚਾਰੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
ਬਲਾਕ ਖਿਆਲਾ ਅੰਦਰ ਵੀ ਸਿਹਤ ਕਰਮੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਸੀ.ਐੱਚ.ਸੀ. ਖਿਆਲਾ ਕਲਾਂ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਐੱਸ.ਐੱਮ.ਓ. ਡਾ. ਹਰਮਨਦੀਪ ਸਿੰਘ ਅਤੇ ਡਾ. ਬਲਜਿੰਦਰ ਕੌਰ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਚਾਨਣਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇ’ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਆਪਣੇ ਘਰਾਂ, ਆਲੇ-ਦੁਆਲੇ, ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵਿੱਚ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦੀ ਸਫ਼ਾਈ ਕਰਨ ਅਤੇ ਪਾਣੀ ਦੇ ਸੋਮਿਆਂ ਦੀ ਦੇਖਭਾਲ ਕਰਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਤੇ ਵੀ ਵਾਧੂ ਪਾਣੀ ਇਕੱਠਾ ਨਾ ਹੋਵੇ ਅਤੇ ਮੱਛਰ ਪੈਦਾ ਨਾ ਹੋ ਸਕਣ। ਇਸ ਦਿਨ ਲੋਕਾਂ ਨੂੰ ਕੂਲਰਾਂ ਦਾ ਪਾਣੀ ਬਦਲਣ, ਫਰਿੱਜ ਦੀ ਟਰੇਅ ਖਾਲੀ ਕਰਨ ਅਤੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਏਰੀਏ ਵਿੱਚ ਵੱਖ ਵੱਖ ਥਾਵਾਂ ਤੇ ਸਿਹਤ ਟੀਮਾਂ ਨੇ ਸਰਵੇ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਰਬਜੀਤ ਸਿੰਘ, ਸੁਖਪਾਲ ਸਿੰਘ, ਜਗਦੀਸ਼ ਸਿੰਘ, ਬਲਕਰਨ ਸਿੰਘ, ਮਨਦੀਪ ਸਿੰਘ, ਮਲਕੀਤ ਸਿੰਘ, ਲਵਦੀਪ ਸਿੰਘ, ਮਨੋਜ ਕੁਮਾਰ, ਅਵਤਾਰ ਸਿੰਘ, ਸੁਖਵੀਰ ਸਿੰਘ, ਯਾਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਕੁਲਵਿੰਦਰ ਸਿੰਘ, ਜਸਪਾਲ ਕੌਰ, ਸੁਖਜਿੰਦਰ ਕੌਰ , ਮਨਪ੍ਰੀਤ ਕੌਰ , ਧਰਵਿੰਦਰ ਸਿੰਘ ਆਦਿ ਹਾਜ਼ਰ ਸਨ।