ਸ੍ਰੀ ਮੁਕਤਸਰ ਸਾਹਿਬ, 12 ਮਈ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਲਵਾ ਜ਼ੋਨ ਦੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ।
ਕੋਆਰਡੀਨੇਟਰ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਕਿਹਾ ਕਿ ਲੋਕ ਭਲਾਈ ਦੇ ਇਸ ਕਾਰਜ ਵਿੱਚ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ‘ਨਸ਼ਾ ਮੁਕਤੀ ਯਾਤਰਾ’ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ।
ਜ਼ੋਨ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੰਚਾਰਜ ਸ੍ਰੀ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਹਨਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ।
ਇਸ ਮੌਕੇ ਹਲਕਾ ਕੋਆਰਡੀਨੇਟਰ ਮਲੋਟ ਸ੍ਰੀ ਬਲਰਾਜ ਸਿੰਘ, ਹਲਕਾ ਕੋਆਰਡੀਨੇਟਰ ਲੰਬੀ ਸ੍ਰੀ ਪਰਮਪਾਲ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਸੀਰ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਸ੍ਰੀ ਮਾਧੋ ਦਾਸ ਸਿੰਘ ਤੋਂ ਇਲਾਵਾ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।