ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ: ਬਰਸਟ

ਪੰਜਾਬ

ਮੋਹਾਲੀ, 14 ਮਈ 2025, ਦੇਸ਼ ਕਲਿੱਕ ਬਿਓਰੋ

ਹਾੜੀ ਸੀਜਨ 2025-26 ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਤੇਜੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 128.91 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ. ਬਰਸਟ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 129.17 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 128.91 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਸਰਕਾਰੀ ਏਜੰਸੀਆਂ ਵੱਲੋਂ 118.31 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 37,92,512 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 2,98,637 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,06,814 ਮੀਟ੍ਰਿਕ ਟਨ, ਪਨਸਪ ਵੱਲੋਂ 27,91,587 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 18,41,144 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 10,60,626 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚੋਂ 109.75 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ, ਜਦਕਿ 19.16 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਣੀ ਬਾਕੀ ਹੈ। ਕਿਸਾਨਾਂ ਨੂੰ 27573.83 ਕਰੋੜ ਦੀ ਅਦਾਇਗੀ ਕੀਤੀ ਜਾ ਚੁਕੀ ਹੈ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਸੂਬੇ ਦੀਆਂ ਮੰਡੀਆਂ ਵਿੱਚ 44,184 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 46,319 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ, ਜਦਕਿ 3.12 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਸੀਜਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਪੂਰੇ ਪ੍ਰਬੰਧ ਕੀਤੇ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 1028 ਆਰਜੀ ਮੰਡੀਆਂ ਬਣਾਈਆ ਗਈਆਂ ਸਨ। ਸ. ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ, ਮਜਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕਿਟ ਕਮੇਟੀਆਂ, ਵੱਖ-ਵੱਖ ਏਜੰਸੀਆਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।