ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

Published on: May 15, 2025 8:27 pm

ਪੰਜਾਬ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।

ਅੱਜ ਇੱਥੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਮੁੱਹਈਆ ਕਰਵਾਉਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਸਦਕਾ ਸੂਬੇ ਦੇ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿਚ ਮੁੜ ਭਰੋਸਾ ਬਹਾਲ ਹੋਇਆ ਹੈ ਜਿਸ ਸਦਕਾ ਸਰਕਾਰੀ ਬੱਸਾਂ ਦੀ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮਦਨ ਵਿੱਚ ਵਾਧਾ ਦਰਜ ਹੋਇਆ ਹੈ।

ਸ. ਭੁੱਲਰ ਨੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲਾਂ ਤੋਂ ਚੱਲ ਰਹੀਆਂ ਬੱਸਾਂ ਕੰਡਮ ਹੋਣ ਤੋਂ ਪਹਿਲਾਂ ਨਵੀਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਮੁਕੰਮਲ ਕਰ ਲਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪੀ. ਆਰ. ਟੀ. ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਸ੍ਰੀ ਰਾਜੀਵ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।