ਚੰਡੀਗੜ੍ਹ, 15 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਵਧਿਆ ਹੈ। ਇਹ ਆਮ ਦੇ ਨੇੜੇ ਹੈ, ਪਰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ।
ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ ਜਿੱਥੇ ਪਾਰਾ 43.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਪਰ, ਭਲਕੇ ਤੋਂ ਰਾਹਤ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਸ ਮਹੀਨੇ ਗਰਮੀ ਦਾ ਪ੍ਰਕੋਪ ਘੱਟ ਦਿਖਾਈ ਦੇ ਰਿਹਾ ਹੈ। ਇਸ ਦੇ ਪਿੱਛੇ ਕਾਰਨ ਪੱਛਮੀ ਗੜਬੜੀ ਦਾ ਸਰਗਰਮ ਹੋਣਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ, ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 41.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਵੀ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ, 16 ਮਈ ਨੂੰ ਮੌਸਮ ਵਿਭਾਗ ਨੇ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਬਠਿੰਡਾ, ਮੁਕਤਸਰ, ਫਰੀਦਕੋਟ, ਮਾਨਸਾ, ਸੰਗਰੂਰ, ਮੋਗਾ, ਪਟਿਆਲਾ, ਫਾਜ਼ਿਲਕਾ ਆਦਿ ਵਿੱਚ ਤੂਫ਼ਾਨ, ਬਿਜਲੀ ਡਿੱਗਣ ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
