ਮੋਹਾਲੀ, 16 ਮਈ: ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸਦੇ ਤਹਿਤ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਨਸ਼ਾ ਮੁਕਤੀ ਯਾਤਰਾ ਸੁਰੂ ਕੀਤੀ ਗਈ ਹੈ। ਜਿਸਦੇ ਤਹਿਤ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਦੇ ਹਰ ਵਾਰਡ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਐਮ ਐਲ ਏ ਕੁਲਵੰਤ ਸਿੰਘ ਨਾਲ ਇਸ ਲੜੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ਦੇ ਪਿੰਡ ਬੜਮਾਜਰਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਯਾਤਰਾਵਾਂ ਦਾ ਆਰੰਭ ਕਰਨ ਮੌਕੇ ਕੀਤਾ।
ਪਿੰਡ ਬੜਮਾਜਰਾ ਵਿਖੇ ਆਯੋਜਤ ਕੀਤੀ ਯਾਤਰਾ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਐਸ.ਏ.ਐਸ.ਨਗਰ ਦੇ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤੇ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਸਹੁੰ ਚੁੱਕਵਾਈ ਗਈ ਅਤੇ ਕਿਹਾ ਕਿ ਪੰਜਾਬ ਦੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵੱਲੋਂ ਨਸ਼ਿਆਂ ਦੇ ਵਿਰੁੱਧ ਯੁੱਧ ਛੇੜ ਦਿੱਤਾ ਹੈ।
ਅਤੇ ਸਰਕਾਰ ਪੰਜਾਬ ਵਿੱਚ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ।
ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਪੰਜਾਬ ਨੂੰ ਨਸ਼ਾ ਮੁਕਤ ਬਨਾਉਣ ਵਿੱਚ ਆਪਣਾ ਫਰਜ ਨਿਭਾਉਣ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਉਨ੍ਹਾਂ ਦਾ ਸਹੀ ਇਲਾਜ ਅਤੇ ਕੌਸਲਿੰਗ ਕਰਨ ਤੋਂ ਇਲਾਵਾ ਉਹਨਾਂ ਦੇ ਪੁਨਰਵਾਸ ਲਈ ਕਿੱਤਾ ਮੁੱਖੀ ਸਿਖਲਾਈ ਦਿੱਤੀ ਜਾ ਰਹੀ ਹੈ। ਪਿੰਡ ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਬੋਲਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਅਤੇ ਅਪੀਲ ਕੀਤੀ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਉਹ ਸਰਕਾਰ ਨੂੰ ਸਹਿਯੋਗ ਦੇਣ ਕਿਉਂਕਿ ਉਹਨਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੇ ਕੋਹੜ ਦੀ ਜੜ੍ਹ ਪੁੱਟੀ ਜਾ ਸਕਦੀ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਪਿੰਡ ਬੜਮਾਜਰਾ ਵਿਖੇ ਆਯੋਜਤ ਯਾਤਰਾ ਵਿੱਚ ਡਾ. ਸੰਨੀ ਆਹਲੂਵਾਲੀਆ, ਸ੍ਰੀਮਤੀ ਪ੍ਰਭਜੋਤ ਕੌਰ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸ੍ਰੀ ਕੁਲਦੀਪ ਸਿੰਘ ਸਮਾਣਾ, ਸ੍ਰੀਮਤੀ ਅੰਨੂ ਬੱਬਰ, ਸ੍ਰੀ ਅਵਤਾਰ ਸਿੰਘ ਸਾਬਕਾ ਸਰਪੰਚ ਪਿੰਡ ਮੋਲੀਬੈਦਵਾਨ, ਇਕਬਾਲ ਸਿੰਘ ਚਿੱਟਾ ਸਰਪੰਚ ਜੁਝਾਰ ਨਗਰ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਅਤੇ ਸਥਾਨਕ ਲੋਕ ਸ਼ਾਮਲ ਸਨ।