ਮਾਨਸਾ 16 ਮਈ : ਦੇਸ਼ ਕਲਿੱਕ ਬਿਓਰੋ
ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਪਿੰਡ ਬਹਿਣੀਵਾਲ ਵਿਖੇ ਸਰਕਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 17.25 ਲੱਖ ਦੀ ਲਾਗਤ ਨਾਲ ਅਤੇ ਪਿੰਡ ਟਾਂਡੀਆਂ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਕਰੀਬੀ 11.15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਆਧੁਨਿਕ ਕਮਰਿਆਂ,ਚਾਰ-ਦੀਵਾਰੀ, ਸਾਇੰਸ ਲੈਬ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਨੂੰ ਬਿਹਤਰ ਢਾਂਚਾ ਦੇ ਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੂਰੇ ਦੇਸ਼ ਭਰ ਵਿੱਚੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਇਆ ਜਾ ਰਿਹਾ ਹੈ ਅਤੇ ਸਿੱਖਿਆ ਕ੍ਰਾਂਤੀ ਲਈ ਪੰਜਾਬ ਸਰਕਾਰ ਸੁਹਿਰਦ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਦੇ ਵਿਦਿਆਰਥੀ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲੋਂ ਹਰ ਖੇਤਰ ਚਾਹੇ ਉਹ ਵਿੱਦਿਅਕ ਹੋਵੇ ਜਾਂ ਖੇਡਾਂ ਦਾ ਖੇਤਰ ਹੋਵੇ ਮੱਲਾਂ ਮਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮਾਂ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਲਾਹੇਵੰਦ ਹਨ ਅਤੇ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਵਿੱਚ ਲਾਹੇਵੰਦ ਸਿੱਧ ਹੋਣਗੀਆਂ।
ਇਸ ਮੌਕੇ ਹਲਕਾ ਕੋਆਰਡੀਨੇਟਰ ਐਡਵੋਕੇਟ ਨਵਦੀਪ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ ਤੋਂ ਇਲਾਵ ਪਿੰਡ ਦੇ ਮੋਹਤਵਰ ਵਿਅਕਤੀ, ਸਕੂਲ ਦਾ ਸਟਾਫ਼ ਅਤੇ ਸਕੂਲੀ ਵਿਦਿਆਰਥੀ ਮੌਜੂਦ ਸਨ।