ਜਲਾਲਪੁਰ (ਹੁਸ਼ਿਆਰਪੁਰ), 17 ਮਈ: ਦੇਸ਼ ਕਲਿੱਕ ਬਿਓਰੋ
ਕਿਸੇ ਸਮੇਂ ਨਸ਼ਿਆਂ ਦਾ ਕੇਂਦਰ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਵਿਲੱਖਣ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪੂਰਨ ਸਮਰਥਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਪਿੰਡ ਬੁੱਢੀ ਦੇ ਵਸਨੀਕ ਹਰਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਬਹੁਤ ਹੀ ਨੇਕ ਕਦਮ ਦੱਸਿਆ। ਉਸ ਨੇ ਅੱਗੇ ਕਿਹਾ ਕਿ ਉਹ ਬਾਕੀ ਸਾਰਿਆਂ ਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਵਿੱਚ ਸਰਕਾਰ ਦੇ ਨਾਲ ਖੜ੍ਹਾ ਹੈ।
ਪਿੰਡ ਉੜਮੁੜ ਦੀ ਵਸਨੀਕ ਪਰਮਜੀਤ ਕੌਰ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦਾ ਇਸ ਨੇਕ ਉਪਰਾਲੇ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਪਿੰਡ ਖੰਗਵਾੜੀ ਦੇ ਵਸਨੀਕ ਕਰਨ ਸਿੰਘ ਬਿੰਦੂ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ ਦੇ ਯੋਗ ਬਣਾਏਗੀ।
ਪਿੰਡ ਢੱਡਿਆਲਾ ਦੇ ਇੱਕ ਨੌਜਵਾਨ ਅਤਿੰਦਰਪਾਲ ਸਿੰਘ, ਜਿਸ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੇ ਦੀ ਲਤ ‘ਤੇ ਕਾਬੂ ਪਾਇਆ, ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਨਸ਼ਾ ਸੱਚਮੁੱਚ ਮਹਾਂਮਾਰੀ ਵਾਂਗ ਹੈ। ਉਸ ਨੇ ਦੱਸਿਆ ਕਿ ਨਸ਼ਿਆਂ ਨੇ ਉਸ ਨੂੰ ਸਰੀਰਕ, ਮਾਨਸਿਕ ਅਤੇ ਵਿੱਤੀ ਤੌਰ ‘ਤੇ ਕਮਜ਼ੋਰ ਕਰ ਦਿੱਤਾ ਅਤੇ ਉਸ ਦੇ ਪਰਿਵਾਰਕ ਰਿਸ਼ਤੇ ਵੀ ਤੋੜ ਦਿੱਤੇ। ਉਹ ਨਸ਼ਿਆਂ ਨੂੰ ਛੱਡਣਾ ਚਾਹੁੰਦਾ ਸੀ, ਪਰ ਉਹ ਸਹੀ ਰਸਤਾ ਨਹੀਂ ਲੱਭ ਸਕਿਆ। ਅੰਤ ਵਿੱਚ ਉਸ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਸ਼ੁਰੂ ਕੀਤਾ ਅਤੇ ਉਹ ਹੁਣ ਪੂਰੀ ਤਰ੍ਹਾਂ ਨਸ਼ਾ ਮੁਕਤ ਹੈ। ਉਸ ਨੇ ਕਿਹਾ ਕਿ ਸਾਰਿਆਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਸਮਰਥਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਸਿਰਫ ਨਸ਼ੇ ਵਿਰੁੱਧ ਲੜਾਈ ਨਹੀਂ ਹੈ ਬਲਕਿ ਇਹ ਸਾਡੇ ਨੌਜਵਾਨਾਂ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ ਅਤੇ ਸਾਨੂੰ ਇਸ ਲੜਾਈ ਨੂੰ ਮਿਲ ਕੇ ਜਿੱਤਣਾ ਚਾਹੀਦਾ ਹੈ।
ਪਿੰਡ ਬੁੱਲੋਵਾਲ ਦੇ ਗੁਰਪ੍ਰੀਤ ਸਿੰਘ ਨੇ ਨਸ਼ੇ ਛੱਡਣ ਦੇ ਆਪਣੇ ਤਜਰਬੇ ਬਾਰੇ ਗੱਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਹਰ ਪੱਖੋਂ ਮਾੜੇ ਨਤੀਜੇ ਭੁਗਤਣੇ ਪੈਂਦੇ ਹਨ। ਉਸ ਨੇ ਦੱਸਿਆ ਕਿ ਨਸ਼ਿਆਂ ਕਾਰਨ ਉਸ ਦਾ ਸਮਾਜਿਕ ਤੇ ਪਰਿਵਾਰਕ ਜੀਵਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਨਸ਼ਾ ਛੁਡਾਊ ਕੇਂਦਰ ਉਸ ਦੇ ਲਈ ਉਮੀਦ ਦੀ ਕਿਰਨ ਬਣ ਗਿਆ। ਇਸ ਕੇਂਦਰ ਤੋਂ ਇਲਾਜ ਕਰਵਾਉਣ ਤੋਂ ਬਾਅਦ ਉਹ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆਉਣ ਦੇ ਯੋਗ ਹੋ ਗਿਆ। ਅੱਜ ਉਹ ਆਪਣੇ ਪਰਿਵਾਰ ਨਾਲ ਖੁਸ਼ਹਾਲ ਅਤੇ ਨਸ਼ਾ ਮੁਕਤ ਜੀਵਨ ਬਤੀਤ ਕਰ ਰਿਹਾ ਹੈ। ਉਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਦੇ ਭੁੱਲ ਕੇ ਵੀ ਨਸ਼ਿਆਂ ਦੀ ਦਲਦਲ ਵਿੱਚ ਨਾ ਫਸਣ।

ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ
Published on: May 17, 2025 8:58 pm