ਮਾਨਸਾ, 18 ਮਈ :ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ ਅਤੇ ਰੋਜ਼ਾਨਾ ਯੋਗਾ ਨਾਲ ਲੋਕਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਆ ਰਿਹਾ ਹੈ ਅਤੇ ਉਹ ਆਪਣੇ ਆਪ ਵਿੱਚ ਪੂਰਾ ਦਿਨ ਊਰਜਾ ਮਹਿਸੂਸ ਕਰਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦਿੱਤੀ।
ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਸਿੱਖਿਆਰਥੀਆਂ ਨੂੰ ਚੰਡੀਗੜ੍ਹ ਦੀ ਟੀਮ ਵੱਲੋਂ ਪ੍ਰੋਜੈਕਟਰ ਰਾਹੀਂ 1 ਹਫ਼ਤੇ ਦੀ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਜਿਸ ਤਹਿਤ ਇਹ ਸਿੱਖਿਆਰਥੀ ਸਿਖਲਾਈ ਪ੍ਰਾਪਤ ਕਰਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਯੋਗਾ ਦੀ ਟ੍ਰੇਨਿੰਗ ਦੇਣਗੇ। ਉਨ੍ਹਾਂ ਦੱਸਿਆ ਕਿ ਇੱਕ ਟ੍ਰੇਨਰ 2 ਜਾਂ 3 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਯੋਗਾ ਦੀ ਟ੍ਰੇਨਿੰਗ ਦੇਵੇਗਾ।
ਰਮਨਦੀਪ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਯੋਗਾ ਸਿਖਲਾਈ ਕਰਵਾਉਣ ਦਾ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਯੋਗਾ ਨਾਲ ਜੋੜਨਾ ਹੈ ਤਾਂ ਜੋ ਉਹ ਨਿਯਮਿਤ ਰੂਪ ਵਿੱਚ ਯੋਗਾ ਕਰਕੇ ਆਪਣੇ ਆਪ ਨੂੰ ਸਿਹਤਮੰਦ ਰੱਖ ਸਕਣ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਅਕਤੀ ਨੂੰ ਰੋਜ਼ਾਨਾ ਕਸਰਤ ਜਾਂ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਸੰਤੁਲਿਤ ਅਤੇ ਵਧੀਆ ਖੁਰਾਕ ਖਾਣ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।