ਦਲਜੀਤ ਕੌਰ
ਧੂਰੀ, 18 ਮਈ, 5025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਪਿੰਡ ਭਸੌੜ, ਬਰੜਵਾਲ ਅਤੇ ਈਸੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੀ ਇਸ ਭੈੜੀ ਅਲਾਮਤ ਦਾ ਮੁਕੰਮਲ ਸਫਾਇਆ ਯਕੀਨੀ ਬਣਾਇਆ ਜਾ ਸਕਦਾ ਹੈ।
ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਵਾਸਤੇ ਕੋਈ ਠੋਸ ਉਪਰਾਲਾ ਨਹੀਂ ਕੀਤਾ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਇਸ ਕੋਹੜ ਤੋਂ ਬਚਾਉਣ ਲਈ ਅਣਥੱਕ ਕੋਸ਼ਿਸ਼ਾਂ ਸ਼ੁਰੂ ਕੀਤੀਆਂ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਏ ਜਾਣ ਤਾਂ ਜੋ ਮਾੜੇ ਅਨਸਰ ਭਵਿੱਖ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਗੁਮਰਾਹ ਨਾ ਕਰ ਸਕਣ।
ਉਹਨਾਂ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਅਨਵਰ ਸਿੰਘ ਭਸੌੜ, ਰਛਪਾਲ ਸਿੰਘ ਹਲਕਾ ਕੋਆਰਡੀਨੇਟਰ ਧੂਰੀ, ਬਲਾਕ ਪ੍ਰਧਾਨ ਗਗਨ ਜਵੰਦਾ, ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।