ਮੋਰਿੰਡਾ, 19 ਮਈ: ਭਟੋਆ
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਨਖੇੜੀ ਅਤੇ ਧਿਆਨਪੁਰਾ ਵਿਖੇ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ।
ਆਪਣੇ ਸੰਬੋਧਨ ਵਿੱਚ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ।
ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਆਪਣੇ ਹਲਕੇ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਬੀਡੀਪੀਓ ਹਰਕੀਤ ਸਿੰਘ, ਹਲਕਾ ਕੋਆਰੀਨੇਟਰ ਪਰਸ਼ੋਤਮ ਸਿੰਘ ਮਾਹਲ, ਰਜਿੰਦਰ ਸਿੰਘ ਰਾਜਾ, ਪੀਏ ਸ਼੍ਰੀ ਚੰਦ, ਜਗਤਾਰ ਸਿੰਘ ਘੜੂੰਆਂ, ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ ਅਤੇ ਪਿੰਡਾ ਦੇ ਮੋਹਤਬਰ ਸੱਜਣ ਹਾਜ਼ਰ ਸਨ।