ਅੰਮ੍ਰਿਤਸਰ, 19 ਮਈ, ਦੇਸ਼ ਕਲਿਕ ਬਿਊਰੋ :
ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਹੁਣ ਸਰਹੱਦ ‘ਤੇ ਨਰਮੀ ਵਰਤੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਭਾਰਤ ਸਰਕਾਰ ਨੇ ਅਫਗਾਨ ਟਰੱਕਾਂ ਨੂੰ ਅਟਾਰੀ ਤੋਂ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ, ਉੱਥੇ ਹੁਣ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੀ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਕੰਮ ਕਰਨ ਦੀ ਇਜਾਜ਼ਤ ਮਿਲ ਗਈ ਹੈ। ਜਿਸ ਤੋਂ ਬਾਅਦ ਹੁਣ ਕਿਸਾਨ ਸਰਹੱਦ ਪਾਰ ਖੇਤਾਂ ‘ਚ ਕੰਮ ਸ਼ੁਰੂ ਕਰ ਸਕਦੇ ਹਨ।
ਬੀਐਸਐਫ ਦੇ ਸੂਤਰਾਂ ਅਨੁਸਾਰ ਇਹ ਫੈਸਲਾ ਕਿਸਾਨਾਂ ਨੂੰ ਉਨ੍ਹਾਂ ਦੇ ਜਾਇਜ਼ ਅਧਿਕਾਰਾਂ ਤਹਿਤ ਆਪਣੀ ਜ਼ਮੀਨ ‘ਤੇ ਕਾਸ਼ਤ ਕਰਨ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਕੰਡਿਆਲੀ ਤਾਰ ਦੇ ਪਾਰ ਖੇਤੀ ਲਈ ਵਿਸ਼ੇਸ਼ ਸੁਰੱਖਿਆ ਉਪਾਅ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸਾਨ ਖੇਤੀਬਾੜੀ ਦਾ ਕੰਮ ਸੁਰੱਖਿਅਤ ਢੰਗ ਨਾਲ ਕਰ ਸਕਣ। ਇਨ੍ਹਾਂ ਕਿਸਾਨਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਬੀਐਸਐਫ ਦੇ ਜਵਾਨਾਂ ਵੱਲੋਂ ਲਈ ਜਾ ਰਹੀ ਹੈ।
ਜਿਕਰਯੋਗ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਹੋਰ ਵਧ ਜਾਂਦਾ ਤਾਂ ਕਿਸਾਨਾਂ ਦਾ ਇੱਕ ਪੂਰਾ ਸੀਜ਼ਨ ਬਰਬਾਦ ਹੋ ਸਕਦਾ ਸੀ। ਹੁਣ ਕਿਸਾਨ ਤਾਰਾਂ ਦੇ ਪਾਰ ਝੋਨਾ ਲਗਾਉਣਾ ਸ਼ੁਰੂ ਕਰ ਸਕਦੇ ਹਨ। ਪੰਜਾਬ ਵਿੱਚ 15 ਮਈ ਤੋਂ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਕਿਸਾਨ ਜਲਦੀ ਹੀ ਤਾਰਾਂ ਦੇ ਪਾਰ ਵੀ ਝੋਨਾ ਲਗਾ ਸਕਦੇ ਹਨ।
