ਬੁਢਲਾਡਾ/ਮਾਨਸਾ, 21 ਮਈ : ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਧਰਮਪੁਰਾ, ਟੋਡਰਪੁਰ ਅਤੇ ਸਸਪਾਲੀ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਜਾਂ ਕੋਈ ਹੋਰ ਹੁਨਰ ਸਿੱਖਣ ਲਈ ਪ੍ਰੇਰਿਤ ਕੀਤਾ।
ਵਿਧਾਇਕ ਬੁਢਲਾਡਾ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੇ ਜਿੱਥੇ ਨੌਜਵਾਨੀ ਨੂੰ ਖ਼ਰਾਬ ਕੀਤਾ ਹੈ, ਉਥੇ ਹੀ ਘਰ ਵੀ ਤਬਾਹ ਕੀਤੇ ਹਨ। ਕਿਉਂਕਿ ਜੇਕਰ ਕਿਸੇ ਘਰ ਦਾ ਇੱਕ ਵਿਅਕਤੀ ਵੀ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦਾ ਹੈ ਤਾਂ ਉਸਦਾ ਪੂਰਾ ਪਰਿਵਾਰ ਉਸ ਦੁੱਖ ਨੂੰ ਹੰਢਾਉਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਬਹੁਤ ਹੀ ਵੱਡੇ ਪੱਧਰ ਤੇ ਜੰਗ ਜਾਰੀ ਹੈ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ। ਉਨ੍ਹਾਂ ਪਿੰਡ ਦੇ ਵਸਨੀਕਾਂ ਨੂੰ ਸਹੁੰ ਚੁੱਕਵਾਈ ਕਿ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਣਗੇ ਅਤੇ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਰਹਿਣਗੇ।
ਇਸ ਮੌਕੇ ਪਿੰਡਾਂ ਦੀਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।